3 ਅਗਸਤ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ, ਰਾਸ਼ਨ ਕਾਰਡ ਅਤੇ ਭਲਾਈ ਯੋਜਨਾਵਾਂ ਦਾ ਵੱਡਾ ਐਲਾਨ

ਨਿਊਜ਼ ਪੰਜਾਬ

21 ਜੁਲਾਈ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਮਹੱਤਵਪੂਰਨ ਆਰਡੀਨੈਂਸ ਅਤੇ ਲੋਕ ਭਲਾਈ ਨਾਲ ਸਬੰਧਤ ਬਿੱਲ ਪੇਸ਼ ਕੀਤੇ ਜਾਣਗੇ ਅਤੇ ਜੇ ਲੋੜ ਪਈ ਤਾਂ ਸੈਸ਼ਨ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਹਰ ਪਰਿਵਾਰ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਯੋਗ ਪਰਿਵਾਰ ਆਪਣਾ ਨਾਮ ਸ਼ਾਮਲ ਕਰਵਾ ਸਕਦੇ ਹਨ ਅਤੇ ਹਰ ਯੋਗ ਵਿਅਕਤੀ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਕਣਕ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ‘ਮੇਰੀ ਰਸੋਈ’ ਯੋਜਨਾ ਤਹਿਤ ਸਰ੍ਹੋਂ ਦਾ ਤੇਲ, ਹਲਦੀ ਅਤੇ ਨਮਕ ਵੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 40 ਲੱਖ ਪਰਿਵਾਰਾਂ ਵਿੱਚੋਂ 32 ਲੱਖ ਪਰਿਵਾਰ ਪਹਿਲਾਂ ਹੀ ਇਸ ਯੋਜਨਾ ਨਾਲ ਜੁੜ ਚੁੱਕੇ ਹਨ, ਜਦਕਿ ਇਸ ਮਹੀਨੇ ਹੋਰ 8 ਲੱਖ ਪਰਿਵਾਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਆਨਲਾਈਨ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਯੋਜਨਾ ਵਿੱਚ ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਗੰਭੀਰ ਬਿਮਾਰਾਂ ਅਤੇ ਕੱਚੇ ਘਰਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਈ-ਸ਼੍ਰਮ ਪੋਰਟਲ ‘ਤੇ ਰਜਿਸਟਰ ਮਜ਼ਦੂਰਾਂ ਨੂੰ ਵੀ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਮਾਵਾਂ-ਧੀਆਂ ਸਨਮਾਨ ਯੋਜਨਾ ਤਹਿਤ ਰਜਿਸਟਰ ਹੋਈਆਂ ਮਹਿਲਾਵਾਂ ਨੂੰ 1 ਅਗਸਤ ਤੋਂ ਮਾਣਭੱਤਾ ਮਿਲਣਾ ਸ਼ੁਰੂ ਹੋਵੇਗਾ ਅਤੇ ਜੁਲਾਈ ਮਹੀਨੇ ਤੋਂ ਬਣਦਾ ਲਾਭ ਵੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਯੋਗ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ।