ਨਿਊਜ਼ ਪੰਜਾਬ
22 ਜੁਲਾਈ,2026
NEET ਪ੍ਰੀਖਿਆ ਵਿੱਚ ਕਥਿਤ ਧਾਂਦਲੀ ਅਤੇ ਦੇਸ਼ ਭਰ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਭਵਨ ਪਹੁੰਚੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪੇਪਰ ਲੀਕ ਦੀਆਂ ਘਟਨਾਵਾਂ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਅਣਿਸ਼ਚਿਤਤਾ ਵਿੱਚ ਧੱਕ ਦਿੱਤਾ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਵਿੱਚ ਨਾਕਾਮ ਰਹੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਸਈਦ ਨਸੀਰ ਹੁਸੈਨ ਨੇ ਕਿਹਾ ਕਿ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚਣ ਦਾ ਮਕਸਦ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਏਕਜੁੱਟਤਾ ਪ੍ਰਗਟ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਦੀ ਮੰਗ ਕਰਨਾ ਹੈ। ਉਨ੍ਹਾਂ ਸਰਕਾਰ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਭਰੋਸਾ ਬਹਾਲ ਕਰਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਮੋਦ ਤਿਵਾੜੀ ਨੇ 20 ਜੁਲਾਈ ਨੂੰ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਦੋਸ਼ ਲਗਾਇਆ ਕਿ ਬਿਨਾਂ ਨੇਮ ਟੈਗ ਵਾਲੇ ਲੋਕਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ। ਦੂਜੇ ਪਾਸੇ ਦਿੱਲੀ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੰਸਦ ਵੱਲ ਮਾਰਚ ਦੌਰਾਨ ਪ੍ਰਦਰਸ਼ਨ ਹਿੰਸਕ ਹੋ ਗਿਆ ਸੀ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕੀਤੀ, ਪੁਲਿਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰੀ ਵਾਹਨਾਂ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਪੁਲਿਸ ਮੁਤਾਬਕ ਇਸ ਘਟਨਾ ਵਿੱਚ ਸੀਨੀਅਰ ਅਧਿਕਾਰੀਆਂ ਸਮੇਤ 118 ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਅਤੇ 15 ਤੋਂ 20 ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ ਗਈ। ਇਸ ਪੂਰੇ ਮਾਮਲੇ ਨੇ ਸਿੱਖਿਆ ਪ੍ਰਣਾਲੀ ਦੀ ਪਾਰਦਰਸ਼ਤਾ, ਵਿਦਿਆਰਥੀਆਂ ਦੇ ਭਵਿੱਖ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਨਵੀਂ ਸਿਆਸੀ ਬਹਿਸ ਛੇੜ ਦਿੱਤੀ ਹੈ।
