ਪੰਜਾਬ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਨਿਊਜ਼ ਪੰਜਾਬ

22 ਜੁਲਾਈ,2026

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ ਹੋਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਪਠਾਨਕੋਟ ਵਿੱਚ ਰਾਤ ਭਰ ਤੇ ਚੰਡੀਗੜ੍ਹ ਵਿੱਚ ਸਵੇਰੇ ਤੋਂ ਭਾਰੀ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਚੰਡੀਗੜ੍ਹ ਮੌਸਮ ਕੇਂਦਰ ਨੇ 22 ਜੁਲਾਈ ਲਈ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਉਂਦਿਆਂ 11 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ, ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਕੁੱਲੂ ਜ਼ਿਲ੍ਹੇ ਵਿੱਚ ਕਈ ਸੜਕਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਪ੍ਰਸ਼ਾਸਨ ਨੇ ਅਨੀ, ਬੰਜਾਰ ਅਤੇ ਨਿਰਮੰਡ ਸਬ-ਡਿਵੀਜ਼ਨਾਂ ਦੇ ਸਾਰੇ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸਾਵਧਾਨੀ ਵਜੋਂ ਛੁੱਟੀ ਦਾ ਐਲਾਨ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦਰਿਆਵਾਂ, ਨਦੀਆਂ ਅਤੇ ਪਹਾੜੀ ਖੇਤਰਾਂ ਦੇ ਨੇੜੇ ਜਾਣ ਤੋਂ ਬਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।