ਪੰਜਾਬੀ ਗਾਇਕ ਹਰਭਜਨ ਸ਼ੇਰਾ ਲਾਪਤਾ ਮਾਮਲੇ ‘ ਚ ਹਾਈ ਕੋਰਟ ਦਾ ਸਖ਼ਤ ਰੁਖ, ਅੱਜ ਹੋਵੇਗੀ ਅਹਿਮ ਸੁਣਵਾਈ

ਨਿਊਜ਼ ਪੰਜਾਬ

24 ਜੁਲਾਈ,2026

ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਹੋਣ ਦੇ ਮਾਮਲੇ ਨੇ ਹੁਣ ਕਾਨੂੰਨੀ ਮੋੜ ਲੈ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਥਾਣਾ ਇੰਚਾਰਜ (SHO) ਨੂੰ ਹਰ ਹਾਲਤ ਵਿੱਚ ਗਾਇਕ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਇਹ ਮਾਮਲਾ ਹਰਭਜਨ ਸ਼ੇਰਾ ਦੀ ਦੂਜੀ ਪਤਨੀ ਹਮੀਰ ਕੌਰ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਤੋਂ ਬਾਅਦ ਅਦਾਲਤ ਤੱਕ ਪਹੁੰਚਿਆ, ਜਿਸ ਵਿੱਚ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਗਾਇਕ ਨੂੰ ਉਸ ਦੀ ਪਹਿਲੀ ਪਤਨੀ ਅਤੇ ਕੁਝ ਰਿਸ਼ਤੇਦਾਰਾਂ ਵੱਲੋਂ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕੈਦ ਕਰਕੇ ਰੱਖਿਆ ਗਿਆ ਹੈ ਅਤੇ ਉਸ ਨੂੰ ਨਾ ਤਾਂ ਪਰਿਵਾਰ ਨਾਲ ਸੰਪਰਕ ਕਰਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਘਰ ਵਾਪਸ ਆਉਣ ਦਿੱਤਾ ਜਾ ਰਿਹਾ ਹੈ। ਹਮੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਮਈ 2024 ਵਿੱਚ ਹਰਭਜਨ ਸ਼ੇਰਾ ਨਾਲ ਹੋਇਆ ਸੀ ਅਤੇ ਵਿਆਹ ਤੋਂ ਪਹਿਲਾਂ ਗਾਇਕ ਨੇ ਭਰੋਸਾ ਦਿੱਤਾ ਸੀ ਕਿ ਉਸ ਦੀ ਪਹਿਲੀ ਪਤਨੀ ਨਾਲ ਸਾਰੇ ਵਿਵਾਦ ਸੁਲਝ ਚੁੱਕੇ ਹਨ। ਦੋਵੇਂ ਮੋਹਾਲੀ ਵਿੱਚ ਇਕੱਠੇ ਰਹਿ ਰਹੇ ਸਨ, ਪਰ 5 ਜੁਲਾਈ ਨੂੰ ਹਰਭਜਨ ਸ਼ੇਰਾ ਘਰ ਤੋਂ ਕੈਬ ਵਿੱਚ ਨਿਕਲਣ ਤੋਂ ਬਾਅਦ ਰਹੱਸਮਈ ਢੰਗ ਨਾਲ ਲਾਪਤਾ ਹੋ ਗਏ। ਕਾਫ਼ੀ ਭਾਲ ਅਤੇ ਹਰ ਸੰਭਵ ਕੋਸ਼ਿਸ਼ ਦੇ ਬਾਵਜੂਦ ਜਦੋਂ ਉਨ੍ਹਾਂ ਦਾ ਕੋਈ ਸੁਰਾਗ ਨਾ ਮਿਲਿਆ ਤਾਂ ਹਮੀਰ ਕੌਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ ਅਤੇ SHO ਨੂੰ ਗਾਇਕ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਰਭਜਨ ਸ਼ੇਰਾ ਦਾ ਪੱਖ ਸੁਣਨ ਅਤੇ ਉਨ੍ਹਾਂ ਦੀ ਮੌਜੂਦਗੀ ਯਕੀਨੀ ਬਣਨ ਤੋਂ ਬਾਅਦ ਹੀ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।