NEET ਪੇਪਰ ਲੀਕ ਮਾਮਲਾ: ਕੇਂਦਰ ਸਰਕਾਰ ਦਾ ਪਹਿਲਾ ਵੱਡਾ ਐਕਸ਼ਨ, ਸਿੱਖਿਆ ਮੰਤਰਾਲੇ ਦੇ ਦੋ ਸੀਨੀਅਰ ਸਕੱਤਰ ਹਟਾਏ

ਨਿਊਜ਼ ਪੰਜਾਬ

24 ਜੁਲਾਈ,2026

ਨੀਟ 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵੱਧ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਦਬਾਅ ਵਿਚਕਾਰ ਕੇਂਦਰ ਸਰਕਾਰ ਨੇ ਪਹਿਲੀ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਸਿੱਖਿਆ ਮੰਤਰਾਲੇ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ। ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪੰਚਾਇਤੀ ਰਾਜ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਨਰੇਸ਼ ਪਾਲ ਗੰਗਵਾਰ ਨੂੰ ਨਵਾਂ ਸਿੱਖਿਆ ਸਕੱਤਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ 10 ਹੋਰ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਦੂਜੇ ਪਾਸੇ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਹੋਰ ਤੇਜ਼ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਪੇਪਰ ਲੀਕ ਵਰਗੇ ਮਾਮਲਿਆਂ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।