ਨਿਊਜ਼ ਪੰਜਾਬ
25 ਜੁਲਾਈ,2026
NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ (CJP) ਦਾ ਦੇਸ਼-ਪੱਧਰੀ ਅੰਦੋਲਨ ਲਗਾਤਾਰ ਜਾਰੀ ਹੈ। ਪਾਰਟੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ‘ਤੇ ਅਡਿੱਗ ਹੈ ਅਤੇ ਇਸ ਸਬੰਧੀ ਅੱਜ ਸਰਕਾਰ ਨਾਲ ਤੀਜੇ ਦੌਰ ਦੀ ਗੱਲਬਾਤ ਹੋਣੀ ਹੈ। CJP ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਲਿਖਤੀ ਭਰੋਸਾ ਅਤੇ ਠੋਸ ਫ਼ੈਸਲਾ ਨਹੀਂ ਹੁੰਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਇਸ ਦੌਰਾਨ ਪਾਰਟੀ ਦੇ ਆਗੂ ਅਭਿਜੀਤ ਦੀਪਕੇ ਨੇ ਦੱਸਿਆ ਕਿ ਉਨ੍ਹਾਂ ਨੂੰ ਟਾਈਫਾਈਡ ਹੋ ਗਿਆ ਹੈ ਅਤੇ ਇਲਾਜ ਚੱਲ ਰਿਹਾ ਹੈ, ਪਰ ਉਨ੍ਹਾਂ ਨੇ ਦੇਸ਼ ਭਰ ਦੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਪਾਰਟੀ ਦਾ ਦੋਸ਼ ਹੈ ਕਿ NEET ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਦੀਆਂ ਖਾਮੀਆਂ ਲਈ ਸਿੱਖਿਆ ਮੰਤਰੀ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਦਾ ਅਸਤੀਫ਼ਾ ਲਾਜ਼ਮੀ ਹੈ। ਦੂਜੇ ਪਾਸੇ ਸਰਕਾਰ ਵੱਲੋਂ ਕੁਝ ਮੰਗਾਂ ‘ਤੇ ਸਕਾਰਾਤਮਕ ਰਵੱਈਆ ਅਪਣਾਉਣ ਦੀ ਗੱਲ ਕਹੀ ਜਾ ਰਹੀ ਹੈ, ਪਰ ਮੁੱਖ ਮੰਗ ‘ਤੇ ਅਜੇ ਵੀ ਸਹਿਮਤੀ ਨਹੀਂ ਬਣੀ। ਇਸ ਸਥਿਤੀ ਨੂੰ ਦੇਖਦੇ ਹੋਏ ਦੇਸ਼ ਭਰ ਵਿੱਚ ਵਿਦਿਆਰਥੀਆਂ ਅਤੇ ਸਮਰਥਕਾਂ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵੀ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ।
