ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਅੱਜ ਪੰਜਾਬ ਬੰਦ, ਵਾਲਮੀਕਿ ਭਾਈਚਾਰੇ ਦਾ ਵੱਡਾ ਐਲਾਨ

ਨਿਊਜ਼ ਪੰਜਾਬ

27 ਜੁਲਾਈ,2026

ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਕਥਿਤ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਜੋਂ ਵੱਖ-ਵੱਖ ਵਾਲਮੀਕਿ ਸੰਗਠਨਾਂ ਨੇ ਸਰਬਸੰਮਤੀ ਨਾਲ 27 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਬੰਦ ਦੇ ਮੱਦੇਨਜ਼ਰ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਕਈ ਪ੍ਰਸਿੱਧ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਆਫਲਾਈਨ ਕਲਾਸਾਂ ਰੱਦ ਕਰਕੇ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ। ਵਾਲਮੀਕਿ ਭਾਈਚਾਰੇ ਨੇ ਆਮ ਲੋਕਾਂ, ਵਪਾਰਕ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਈ ਬਾਜ਼ਾਰ, ਵਪਾਰਕ ਅਦਾਰੇ ਅਤੇ ਆਵਾਜਾਈ ਸੇਵਾਵਾਂ ਪ੍ਰਭਾਵਿਤ ਰਹਿ ਸਕਦੀਆਂ ਹਨ, ਹਾਲਾਂਕਿ ਸਾਰੇ ਸੰਗਠਨਾਂ ਵੱਲੋਂ ਅਧਿਕਾਰਤ ਸਮਰਥਨ ਦੀ ਪੁਸ਼ਟੀ ਨਹੀਂ ਹੋਈ। ਯਾਦ ਰਹੇ ਕਿ 22 ਜੁਲਾਈ ਨੂੰ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਸੀ, ਪਰ ਭਾਈਚਾਰੇ ਦਾ ਕਹਿਣਾ ਹੈ ਕਿ ਸਿਰਫ਼ ਇਹ ਕਾਰਵਾਈ ਕਾਫ਼ੀ ਨਹੀਂ ਹੈ।

ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ, ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਪ੍ਰਭਾਵਿਤ ਸਫ਼ਾਈ ਕਰਮਚਾਰੀਆਂ ਨੂੰ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਦੇ ਆਯੋਜਕਾਂ ਨੇ ਸਾਰੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਲਈ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਵਾਜ਼ ਬੁਲੰਦ ਕਰਨ, ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣ।