ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਬੰਦ: ਕਈ ਜ਼ਿਲ੍ਹਿਆਂ ‘ਚ ਬਾਜ਼ਾਰ ਬੰਦ, ਹਸਪਤਾਲ ਤੇ ਐਮਰਜੈਂਸੀ ਸੇਵਾਵਾਂ ਜਾਰੀ

ਨਿਊਜ਼ ਪੰਜਾਬ

30 ਜੁਲਾਈ,2026

ਬਰਨਾਲਾ ਲਾਠੀਚਾਰਜ ਮਾਮਲੇ ਦੇ ਵਿਰੋਧ ਵਿੱਚ ਅੱਜ ਸਫਾਈ ਸੇਵਕ ਯੂਨੀਅਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਸਮਰਥਨ ਮਿਲ ਰਿਹਾ ਹੈ। ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਕਈ ਥਾਵਾਂ ‘ਤੇ ਦੁਕਾਨਾਂ, ਮਾਲ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ।

ਸਫਾਈ ਸੇਵਕਾਂ ਦਾ ਦੋਸ਼ ਹੈ ਕਿ ਬਰਨਾਲਾ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਔਰਤਾਂ ਸਮੇਤ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ, ਜਿਸ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਜਲੰਧਰ ਵਿੱਚ ਬੰਦ ਨਹੀਂ ਰੱਖਿਆ ਗਿਆ ਅਤੇ ਉੱਥੇ ਸਿਰਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੰਦ ਦੌਰਾਨ ਹਸਪਤਾਲ, ਐਂਬੂਲੈਂਸ ਸੇਵਾਵਾਂ ਅਤੇ ਮੈਡੀਕਲ ਸਟੋਰ ਖੁੱਲ੍ਹੇ ਰੱਖੇ ਗਏ ਹਨ ਤਾਂ ਜੋ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਵਿੱਚ ਕੋਈ ਦਿੱਕਤ ਨਾ ਆਵੇ।