ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਨਿਊਜ਼ ਪੰਜਾਬ

31 ਜੁਲਾਈ,2026

ਬਠਿੰਡਾ ਰੇਲਵੇ ਸਟੇਸ਼ਨ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਧਮਕੀ ਮਿਲਦੇ ਹੀ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਅਤੇ ਸਰਕਾਰੀ ਰੇਲਵੇ ਪੁਲਿਸ (GRP) ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਆ ਗਈਆਂ ਹਨ ਅਤੇ ਸਟੇਸ਼ਨ ‘ਤੇ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਡੌਗ ਸਕੁਆਡ ਦੀ ਮਦਦ ਨਾਲ ਪਲੇਟਫਾਰਮਾਂ, ਉਡੀਕ ਘਰਾਂ, ਮੁੱਖ ਪਰਿਸਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਯਾਤਰੀਆਂ ਦੇ ਸਮਾਨ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਆਉਣ ਵਾਲੇ ਆਜ਼ਾਦੀ ਦਿਵਸ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਵੀ ਮਜ਼ਬੂਤ ਕਰ ਦਿੱਤੇ ਗਏ ਹਨ। GRP ਅਧਿਕਾਰੀਆਂ ਮੁਤਾਬਕ ਰੇਲਵੇ ਜੰਕਸ਼ਨ ‘ਤੇ 48 ਤੋਂ ਵੱਧ ਪੁਲਿਸ ਅਤੇ ਸੁਰੱਖਿਆ ਕਰਮੀ ਤੈਨਾਤ ਕੀਤੇ ਗਏ ਹਨ। ਪੁਲਿਸ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਲਾਵਾਰਿਸ ਬੈਗ, ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਵੇ ਤਾਂ ਤੁਰੰਤ ਇਸ ਦੀ ਜਾਣਕਾਰੀ ਸੁਰੱਖਿਆ ਕਰਮਚਾਰੀਆਂ ਨੂੰ ਦਿੱਤੀ ਜਾਵੇ। ਜਾਂਚ ਏਜੰਸੀਆਂ ਧਮਕੀ ਭਰੀ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਵਿੱਚ ਜੁਟੀਆਂ ਹੋਈਆਂ ਹਨ।