ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 140 ਕਰੋੜ ਰੁਪਏ ਦੀ 20 ਕਿਲੋ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ

ਨਿਊਜ਼ ਪੰਜਾਬ

1 ਅਗਸਤ,2026

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਵੱਡੇ ਡਰੱਗ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 140 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ, ਜਿਸ ਦੇ ਸਬੰਧ ਸਰਹੱਦ ਪਾਰ ਸਰਗਰਮ ਡਰੱਗ ਤਸਕਰਾਂ ਨਾਲ ਹਨ। ਮੁਲਜ਼ਮ ਦਾ ਕੰਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਹੁੰਚਾਈ ਗਈ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਨਾ ਸੀ। ਇਸ ਮਾਮਲੇ ਸਬੰਧੀ ਐੱਸਐੱਸਓਸੀ ਅੰਮ੍ਰਿਤਸਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਵਿੱਚ ਜੁਟੀ ਹੋਈ ਹੈ।