ਬਾਬਰੀ ਮਸਜਿਦ ਜਾਂਚ ਕਮਿਸ਼ਨ ਦੇ ਮੁਖੀ ਜਸਟਿਸ ਮਨਮੋਹਨ ਸਿੰਘ ਲਿਬਰਹਾਨ ਦਾ ਦੇਹਾਂਤ

ਨਿਊਜ਼ ਪੰਜਾਬ

3 ਅਗਸਤ,2026

ਮਦਰਾਸ ਅਤੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਮਨਮੋਹਨ ਸਿੰਘ ਲਿਬਰਹਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਬਾਬਰੀ ਮਸਜਿਦ ਢਾਹੇ ਜਾਣ ਦੀ ਜਾਂਚ ਕਰਨ ਵਾਲੇ ਲਿਬਰਹਾਨ ਕਮਿਸ਼ਨ ਦੇ ਮੁਖੀ ਵਜੋਂ ਦੇਸ਼ ਭਰ ਵਿੱਚ ਜਾਣੇ ਜਾਂਦੇ ਸਨ। ਚਾਰ ਦਹਾਕਿਆਂ ਤੋਂ ਵੱਧ ਲੰਬੇ ਕਾਨੂੰਨੀ ਕਰੀਅਰ ਦੌਰਾਨ ਉਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਸੰਵਿਧਾਨਕ ਇਤਿਹਾਸ ਵਿੱਚ ਅਹਿਮ ਯੋਗਦਾਨ ਪਾਇਆ। 9 ਦਸੰਬਰ 1992 ਨੂੰ ਬਾਬਰੀ ਮਸਜਿਦ ਢਾਹੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਜਾਂਚ ਦੀ ਜ਼ਿੰਮੇਵਾਰੀ ਜਸਟਿਸ ਲਿਬਰਹਾਨ ਨੂੰ ਸੌਂਪੀ ਸੀ। ਆਪਣੇ ਸ਼ਾਂਤ ਸੁਭਾਅ, ਨਿਮਰਤਾ ਅਤੇ ਇਮਾਨਦਾਰੀ ਲਈ ਮਸ਼ਹੂਰ ਜਸਟਿਸ ਲਿਬਰਹਾਨ ਨੇ ਕਾਨੂੰਨ ਨੂੰ ਹਮੇਸ਼ਾਂ ਜਨਤਕ ਸੇਵਾ ਦਾ ਮਾਧਿਅਮ ਮੰਨਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।