ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ: 3 ਡਿਜੀਟਲ ਯੂਨੀਵਰਸਿਟੀਆਂ ਨੂੰ ਮਨਜ਼ੂਰੀ, ਨਿੱਜੀ ਸਕੂਲਾਂ ਦੀ ਫੀਸ ਵਾਧੇ ‘ਤੇ ਲੱਗੇਗੀ ਰੋਕ

ਨਿਊਜ਼ ਪੰਜਾਬ

5 ਅਗਸਤ 2026

ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਨ ਨਾਲ ਸਬੰਧਿਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣਗੀਆਂ। ਪੰਜਾਬ ਦੀ ਪਹਿਲੀ ਕਲਾਉਡ ਯੂਨੀਵਰਸਿਟੀ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਬਣੇਗੀ, ਜਦਕਿ ਪਟਿਆਲਾ ਦੇ ਫਤਿਹਪੁਰ ਅਤੇ ਆਨੰਦਪੁਰ ਕੇਸ਼ਵ ਪਿੰਡ ਵਿੱਚ ਹੋਰ ਦੋ ਡਿਜੀਟਲ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ। ਇਸ ਦੇ ਨਾਲ ਹੀ ਕੈਬਨਿਟ ਨੇ ਨਿੱਜੀ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਨੂੰ ਪੰਜ ਫ਼ੀਸਦੀ ਤੱਕ ਸੀਮਤ ਕਰਨ ਵਾਲੇ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ, ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਰਕਾਰ ਦੇ ਅਧੀਨ ਠੇਕੇ ‘ਤੇ ਲਿਆਉਣ ਲਈ ਵਿਸ਼ੇਸ਼ ਮਨੀ ਬਿੱਲ ਲਿਆਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ। ਵਾਤਾਵਰਨ ਸੁਰੱਖਿਆ ਲਈ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ ਨੂੰ ਵੀ ਮਨਜ਼ੂਰੀ ਮਿਲੀ ਹੈ, ਜਿਸ ਤਹਿਤ ਇੱਕ ਰੁੱਖ ਕੱਟਣ ‘ਤੇ ਦਸ ਨਵੇਂ ਰੁੱਖ ਲਗਾਉਣੇ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ 1,500 ਤੋਂ ਵੱਧ ਵੈਟਰਨਰੀ ਅਤੇ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲੇ ਸਿੱਖਿਆ, ਰੁਜ਼ਗਾਰ ਅਤੇ ਵਾਤਾਵਰਨ ਸੁਰੱਖਿਆ ਨੂੰ ਨਵੀਂ ਦਿਸ਼ਾ ਦੇਣਗੇ।