ਨਿਊਜ਼ ਪੰਜਾਬ
6 ਅਗਸਤ 2026
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਮੁਤਾਬਕ 6 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ, ਪਾਣੀ ਭਰੇ ਇਲਾਕਿਆਂ ਵਿੱਚ ਖਾਸ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਿਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਵੀ ਖੇਤੀਬਾੜੀ ਦੇ ਕੰਮ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਨ ਲਈ ਕਿਹਾ ਗਿਆ ਹੈ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।
