ਸ੍ਰੀ ਹਰਿਮੰਦਰ ਸਾਹਿਬ ਦੀ ਗੁਰਬਾਣੀ ਦੇ ਲਾਈਵ ਪ੍ਰਸਾਰਣ ‘ਤੇ ਵਿਵਾਦ, SGPC ਨੇ GTC ਨਿਊਜ਼ ਨੂੰ ਭੇਜਿਆ ਕਾਨੂੰਨੀ ਨੋਟਿਸ

ਨਿਊਜ਼ ਪੰਜਾਬ

6 ਅਗਸਤ,2026

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ GTC ਨਿਊਜ਼ ਚੈਨਲ ਵੱਲੋਂ ਬਿਨਾਂ ਮਨਜ਼ੂਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਦੇ ਦੋਸ਼ਾਂ ਤਹਿਤ ਚੈਨਲ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹਨ ਅਤੇ ਬਿਨਾਂ ਇਜਾਜ਼ਤ ਕੋਈ ਵੀ ਸੰਸਥਾ ਇਸ ਦਾ ਪ੍ਰਸਾਰਣ ਨਹੀਂ ਕਰ ਸਕਦੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਧਾਰਮਿਕ ਮਸਲਿਆਂ ਨੂੰ ਸਿਆਸੀ ਰੰਗ ਦੇਣ ਦੇ ਦੋਸ਼ ਵੀ ਲਗਾਏ ਅਤੇ ਦਾਅਵਾ ਕੀਤਾ ਕਿ GTC ਨਿਊਜ਼ ਦਾ ਸਬੰਧ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਾਲ ਹੈ। ਧਾਮੀ ਨੇ ਸਪੱਸ਼ਟ ਕੀਤਾ ਕਿ ਗੁਰਬਾਣੀ ਦੀ ਪਵਿੱਤਰਤਾ ਅਤੇ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਰਹੇਗੀ।