ਅੰਮ੍ਰਿਤਸਰ ‘ਚ AAP ਨੂੰ ਵੱਡਾ ਝਟਕਾ! ਬਲਜਿੰਦਰ ਥਾਂਦੇ ਤੋਂ ਬਾਅਦ ਦਿਲਬਾਗ ਔਲਖ ਤੇ ਸ਼ਿਵ ਕੁਮਾਰ ਨੇ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

9 ਅਗਸਤ,2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ, ਉੱਥੇ ਹੀ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਲਗਾਤਾਰ ਸਿਆਸੀ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਆਰਟੀਸੀ ਦੇ ਡਾਇਰੈਕਟਰ ਅਤੇ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਹਲਕਾ ਰਾਜਾਸਾਂਸੀ ਵਿੱਚ ਵੀ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਾਸਾਂਸੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਇਸ ਤੋਂ ਬਾਅਦ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਅਤੇ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਸ਼ਿਵ ਕੁਮਾਰ ਚੌਗਾਵਾਂ ਨੇ ਵੀ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਲਬਾਗ ਸਿੰਘ ਔਲਖ ਪਿਛਲੇ ਕਰੀਬ 14 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਵੱਖ-ਵੱਖ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਵੀ ਆਪਣਾ ਅਸਤੀਫ਼ਾ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹੀ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਤੇਜ਼ ਹੋ ਗਈ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਆਗੂ ਵੀ ਪਾਰਟੀ ਤੋਂ ਦੂਰੀ ਬਣਾ ਸਕਦੇ ਹਨ। ਹੁਣ ਰਾਜਾਸਾਂਸੀ ਵਿੱਚ ਹੋਏ ਲਗਾਤਾਰ ਅਸਤੀਫਿਆਂ ਨੇ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦੇ ਦਿੱਤੀ ਹੈ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ‘ਆਪ’ ਦੀ ਸਿਆਸੀ ਸਥਿਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।