ਨਿਊਜ਼ ਪੰਜਾਬ
10 ਅਗਸਤ,2026
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਬਰੀ ਕਰਨ ਦੇ ਪੰਜਾਬ-ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਇਹ ਪਟੀਸ਼ਨ ਮਰਹੂਮ ਪੱਤਰਕਾਰ ਦੇ ਪੁੱਤਰ ਅਰਿਦਮਨ ਵੱਲੋਂ ਦਾਇਰ ਕੀਤੀ ਗਈ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਵਿੱਚ ਸਬੰਧਤ ਪੱਖਾਂ ਤੋਂ ਜਵਾਬ ਮੰਗਿਆ ਹੈ ਅਤੇ ਅਗਲੀ ਸੁਣਵਾਈ ਨਵੰਬਰ ਦੇ ਤੀਜੇ ਹਫ਼ਤੇ ਹੋਣ ਦੀ ਗੱਲ ਕਹੀ ਹੈ।
ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਇਸ ਸਾਲ 7 ਮਾਰਚ ਨੂੰ ਰਾਮ ਰਹੀਮ ਨੂੰ ਕਤਲ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਹਾਈਕੋਰਟ ਨੇ ਕਿਹਾ ਸੀ ਕਿ ਸੀਬੀਆਈ ਦੋਸ਼ਾਂ ਨੂੰ ਲੋੜੀਂਦੇ ਸਬੂਤਾਂ ਨਾਲ ਸਾਬਤ ਕਰਨ ਵਿੱਚ ਅਸਫਲ ਰਹੀ। ਹੁਣ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਮਾਮਲਾ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਨਾਲ ਸਬੰਧਤ ਹੈ, ਜਿਨ੍ਹਾਂ ਨੇ ਆਪਣੇ ਅਖ਼ਬਾਰ ‘ਪੂਰਾ ਸੱਚ’ ਰਾਹੀਂ ਡੇਰਾ ਸੱਚਾ ਸੌਦਾ ਨਾਲ ਜੁੜੇ ਕਈ ਮਾਮਲਿਆਂ ਦੀ ਰਿਪੋਰਟਿੰਗ ਕੀਤੀ ਸੀ। ਅਕਤੂਬਰ 2002 ਵਿੱਚ ਉਨ੍ਹਾਂ ਨੂੰ ਸਿਰਸਾ ਸਥਿਤ ਘਰ ਦੇ ਬਾਹਰ ਗੋਲੀ ਮਾਰੀ ਗਈ ਸੀ ਅਤੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।
