ਗੁਰਬਾਣੀ ਪ੍ਰਸਾਰਨ ’ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ- ਮਨਮਰਜ਼ੀ ਨਾਲ ਕਿਸੇ ਚੈਨਲ ’ਤੇ ਨਹੀਂ ਕੀਤਾ ਜਾ ਸਕਦਾ ਪ੍ਰਸਾਰਨ

ਨਿਊਜ਼ ਪੰਜਾਬ

11 ਅਗਸਤ 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਸਪੱਸ਼ਟ ਰੁਖ਼ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਪ੍ਰਬੰਧ ਅਤੇ ਫੈਸਲੇ ਲੈਣ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਕੋਲ ਹੈ ਅਤੇ ਕੋਈ ਵੀ ਚੈਨਲ ਜਾਂ ਸੰਸਥਾ ਬਿਨਾਂ ਮਨਜ਼ੂਰੀ ਆਪਣੀ ਮਰਜ਼ੀ ਨਾਲ ਪ੍ਰਸਾਰਨ ਨਹੀਂ ਕਰ ਸਕਦੀ।

ਜਥੇਦਾਰ ਗੜਗੱਜ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ, ਮਰਯਾਦਾ ਅਤੇ ਸਤਿਕਾਰ ਦੀ ਜ਼ਿੰਮੇਵਾਰੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਹੈ। ਜੇਕਰ ਕੋਈ ਚੈਨਲ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਸ਼੍ਰੋਮਣੀ ਕਮੇਟੀ ਤੋਂ ਪੂਰਨ ਇਜਾਜ਼ਤ ਲੈਣੀ ਪਵੇਗੀ। ਕਿਸੇ ਵੀ ਧਿਰ ਵਲੋਂ ਧੱਕੇ ਨਾਲ ਜਾਂ ਬਿਨਾਂ ਮਨਜ਼ੂਰੀ ਤੋਂ ਪ੍ਰਸਾਰਨ ਚਲਾਉਣਾ ਬਿਲਕੁਲ ਗਲਤ ਹੈ।

ਇਸ ਦੇ ਨਾਲ ਹੀ, ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਆਪਣੇ ਅਧਿਕਾਰਤ ਚੈਨਲ ਨੂੰ ਜਲਦ ਸ਼ੁਰੂ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਸ ਸੰਬੰਧੀ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਮਾਮਲਾ ਭੇਜਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇਸ ਚੈਨਲ ਲਈ ਹਰੀ ਝੰਡੀ ਦੇਵੇ।ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪਰੋਲ ਦੇ ਗੰਭੀਰ ਮੁੱਦੇ ਉੱਤੇ ਵੀ ਗੱਲਬਾਤ ਕੀਤੀ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਪਰੋਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁੱਤਰ ਦਾ ਆਪਣੀ ਮਾਂ ਨੂੰ ਮਿਲਣਾ ਇੱਕ ਮਨੁੱਖੀ ਅਧਿਕਾਰ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਸਰਕਾਰਾਂ ਵਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਮੁੱਚੇ ਪੰਥ ਨੂੰ ਨਿਸ਼ਾਨ ਸਾਹਿਬ ਹੇਠ ਇਕੱਠੇ ਹੋ ਕੇ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਅਪੀਲ ਕੀਤੀ।