ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸਿੱਖ ਆਗੂਆਂ ਨੇ ਜਤਾਇਆ ਸਖ਼ਤ ਰੋਸ,ਨਿਰਪੱਖ ਜਾਂਚ ਦੀ ਮੰਗ

ਨਿਊਜ਼ ਪੰਜਾਬ

13 ਅਗਸਤ,2026

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਿੱਖ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਨਾਂਦੇੜ ਦੇ ਮਾਤਾ ਸਾਹਿਬ ਕੌਰ ਗੁਰਦੁਆਰੇ ਵਿੱਚ ਹੋਇਆ, ਜਿੱਥੇ ਇੱਕ ਨਿਹੰਗ ਹਮਲਾਵਰ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ। ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ ਵਿੱਚ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਯਸ਼ੋਸਾਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।

ਘਟਨਾ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਨਾਲ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਅਤੇ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਠੇਸ ਪਹੁੰਚਦੀ ਹੈ। ਐਡਵੋਕੇਟ ਧਾਮੀ ਨੇ ਘਟਨਾ ਦੀ ਨਿਰਪੱਖ ਜਾਂਚ ਕਰਕੇ ਹਮਲੇ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ।ਮਿਲੀ ਜਾਣਕਾਰੀ ਮੁਤਾਬਿਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ਦੇ ਹਮਲੇ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।