ਨਿਊਜ਼ ਪੰਜਾਬ
15 ਅਗਸਤ,2026
ਮੋਹਾਲੀ ਤੋਂ ਚੰਡੀਗੜ੍ਹ ਸਥਿਤ ਰਾਜਪਾਲ ਭਵਨ ਵੱਲ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਦੀ ਸ਼ਨੀਵਾਰ ਨੂੰ ਵਾਈਪੀਐਸ ਚੌਕ ਨੇੜੇ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕਰ ਰਹੇ ਸਨ।
ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਵੱਲੋਂ ਸਰਹੱਦ ਸੀਲ ਕੀਤੀ ਗਈ। ਇਸ ਦੌਰਾਨ ਸਥਿਤੀ ਤਣਾਅਪੂਰਨ ਹੋਣ ‘ਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ।
ਪ੍ਰਦਰਸ਼ਨਕਾਰੀਆਂ ਨੇ ਬਾਅਦ ਵਿੱਚ ਆਪਣਾ ਪ੍ਰੋਗਰਾਮ ਖ਼ਤਮ ਕਰਨ ਦਾ ਐਲਾਨ ਕਰਦਿਆਂ ਇਸਨੂੰ ਸਫ਼ਲ ਦੱਸਿਆ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਰਸਤਾ ਬੰਦ ਨਹੀਂ ਕੀਤਾ ਗਿਆ, ਸਗੋਂ ਪ੍ਰਸ਼ਾਸਨ ਨੇ ਖੁਦ ਰਸਤੇ ਬੰਦ ਕੀਤੇ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਪੰਜਾਬ ਦੀਆਂ ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
