ਨਿਊਜ਼ ਪੰਜਾਬ
18 ਅਗਸਤ,2026
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੁੰਦਾ ਵਿਖਾਈ ਦੇ ਰਿਹਾ ਹੈ। ਮੁਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਤੋਂ ਸਵੇਰ ਤੱਕ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਇਲਾਕਿਆਂ ਵਿੱਚ ਅਸਮਾਨ ਪੂਰੀ ਤਰ੍ਹਾਂ ਬੱਦਲਵਾਲੀ ਦੀ ਚਾਦਰ ਨਾਲ ਢਕਿਆ ਰਿਹਾ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 18 ਅਤੇ 19 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ 19 ਅਗਸਤ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਵੱਧ 37 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਪਟਿਆਲਾ ਦੇ ਰੌਣੀ ਵਿੱਚ 20.5 ਮਿਲੀਮੀਟਰ, ਬੱਲੋਵਾਲ ਵਿੱਚ 13.6 ਮਿਲੀਮੀਟਰ, ਮੁਹਾਲੀ ਵਿੱਚ 12 ਮਿਲੀਮੀਟਰ ਅਤੇ ਪਟਿਆਲਾ ਵਿੱਚ 5.5 ਮਿਲੀਮੀਟਰ ਮੀਂਹ ਪਿਆ। ਚੰਡੀਗੜ੍ਹ ਵਿੱਚ 1.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦਕਿ ਅੰਮ੍ਰਿਤਸਰ ਵਿੱਚ ਵੀ ਹਲਕੀ ਬਾਰਿਸ਼ ਹੋਈ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਹਾਲਾਂਕਿ ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਮੁਤਾਬਕ 19 ਅਗਸਤ ਨੂੰ ਪੰਜਾਬ ਵਿੱਚ ਮੀਂਹ ਦਾ ਪ੍ਰਭਾਵ ਵਧ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 20 ਤੋਂ 23 ਅਗਸਤ ਦਰਮਿਆਨ ਮੌਸਮ ਵਿੱਚ ਕੁਝ ਰਾਹਤ ਮਿਲਣ ਦੀ ਉਮੀਦ ਹੈ।
