ਨਿਊਜ਼ ਪੰਜਾਬ
19 ਅਗਸਤ,2026
ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ 15 ਅਗਸਤ ਨੂੰ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ 2026, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਅਤੇ ਆਵਾਜਾਈ, ਬਾਜ਼ਾਰਾਂ ਤੇ ਹੋਰ ਕਾਰੋਬਾਰੀ ਗਤੀਵਿਧੀਆਂ ਬੰਦ ਰਹਿ ਸਕਦੀਆਂ ਹਨ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਮੋਰਚੇ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦਾ ਵਿਰੋਧ ਕਰਨਾ ਹੈ। ਆਗੂਆਂ ਮੁਤਾਬਕ ਇਸ ਬੰਦ ਦੌਰਾਨ ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਵਿਆਹ ਸਮਾਗਮਾਂ, ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਅਤੇ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਵੀ ਛੋਟ ਦੇਣ ਦੀ ਗੱਲ ਆਖੀ ਗਈ ਹੈ।
ਮੋਰਚੇ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਲੋਕਾਂ ਤੋਂ ਜਬਰੀ ਦੁਕਾਨਾਂ ਜਾਂ ਹੋਰ ਅਦਾਰੇ ਬੰਦ ਨਹੀਂ ਕਰਵਾਏ ਜਾਣਗੇ। ਰੇਲ ਆਵਾਜਾਈ ਨੂੰ ਲੈ ਕੇ ਵੀ ਮੋਰਚੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜੇਕਰ ਰੇਲਾਂ ਨਾ ਰੋਕੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਰੇਲਾਂ ਦਾ ਜਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 21 ਅਗਸਤ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਨੂੰ ਬਦਲ ਕੇ 22 ਅਗਸਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਵੱਲ ਕੂਚ ਦੀ ਕੋਸ਼ਿਸ਼ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਹੰਝੂ ਗੈਸ ਦੀ ਵਰਤੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਮੋਰਚੇ ਵੱਲੋਂ ਪੰਜਾਬ ਬੰਦ ਦਾ ਇਹ ਸੱਦਾ ਦਿੱਤਾ ਗਿਆ ਹੈ।
