ਨਿਊਜ਼ ਪੰਜਾਬ
20 ਅਗਸਤ,2026
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅੱਜ ਅਹਿਮ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ 20 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ-ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਪਠਾਨਕੋਟ ਵਿੱਚ ਵੀਰਵਾਰ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਅਤੇ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ।
ਮੀਂਹ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਨਸੂਨ ਟ੍ਰਾਫ ਇਸ ਸਮੇਂ ਫਿਰੋਜ਼ਪੁਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਰਗਰਮ ਬਣਿਆ ਹੋਇਆ ਹੈ। ਇਸ ਦੌਰਾਨ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ 19 ਅਗਸਤ ਨੂੰ ਰੋਪੜ ਕੇਵੀਕੇ ਵਿੱਚ ਸਭ ਤੋਂ ਵੱਧ 8.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਭਾਖੜਾ ਡੈਮ ਵਿੱਚ 4.0 ਮਿਲੀਮੀਟਰ, ਲੁਧਿਆਣਾ ਵਿੱਚ 3.4 ਮਿਲੀਮੀਟਰ ਅਤੇ ਪਠਾਨਕੋਟ ਕੇਵੀਕੇ ਵਿੱਚ 3.0 ਮਿਲੀਮੀਟਰ ਮੀਂਹ ਪਿਆ। ਇਸੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਵੀ ਕਈ ਇਲਾਕਿਆਂ ਵਿੱਚ ਮੀਂਹ ਦੀ ਗਤੀਵਿਧੀ ਜਾਰੀ ਰਹਿ ਸਕਦੀ ਹੈ।
