ਨਿਊਜ਼ ਪੰਜਾਬ
21 ਅਗਸਤ,2026
ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ, 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੀ ਮੁੱਖ ਮੰਗ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਹੈ। ਇਸ ਬੰਦ ਨੂੰ ਵੱਖ-ਵੱਖ ਪੰਥਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਸਮੇਤ ਕਈ ਸੰਗਠਨਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ।
ਬੰਦ ਦੌਰਾਨ ਮੇਨ ਬਾਜ਼ਾਰਾਂ, ਦੁਕਾਨਾਂ, ਸ਼ਾਪਿੰਗ ਮਾਲਾਂ, ਥੋਕ ਬਾਜ਼ਾਰਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਰਾਜ ਮਾਰਗਾਂ ਸਮੇਤ ਕਈ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਬੱਸਾਂ, ਆਟੋ ਅਤੇ ਟੈਕਸੀਆਂ ਦੀ ਆਵਾਜਾਈ ਵੀ ਹਾਈਵੇਅ ਜਾਮ ਕਾਰਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੋਰਚੇ ਵੱਲੋਂ ਰੇਲਵੇ ਟਰੈਕ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਅਤੇ ਮੋਹਾਲੀ ਦੇ ਕੁਝ ਸਕੂਲਾਂ ਨੂੰ ਬੰਦ ਰੱਖਿਆ ਗਿਆ ਹੈ, ਜਦਕਿ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਵੀ ਛੁੱਟੀ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰਾਂ ਅਤੇ ਇਸ ਦੇ ਅਧੀਨ ਆਉਂਦੇ ਵਿਦਿਅਕ ਅਦਾਰਿਆਂ ਦੇ ਵੀ ਬੰਦ ਰਹਿਣ ਦੀ ਜਾਣਕਾਰੀ ਹੈ।
ਹਾਲਾਂਕਿ ਐਮਰਜੈਂਸੀ ਸੇਵਾਵਾਂ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਪਛਾਣ ਪੱਤਰ ਦਿਖਾਉਣ ਤੋਂ ਬਾਅਦ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਆਹ ਸਮਾਗਮਾਂ ਵਿੱਚ ਜਾਣ ਵਾਲਿਆਂ ਅਤੇ ਏਅਰਪੋਰਟ ਜਾਣ ਵਾਲੇ ਯਾਤਰੀਆਂ ਨੂੰ ਵੀ ਨਹੀਂ ਰੋਕਿਆ ਜਾਵੇਗਾ। ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਨੂੰ ਬੰਦ ਕਰਨ ਸਬੰਧੀ ਕੋਈ ਸਰਕਾਰੀ ਐਲਾਨ ਨਹੀਂ ਕੀਤਾ ਗਿਆ ਹੈ, ਹਾਲਾਂਕਿ ਬੰਦ ਕਾਰਨ ਆਮ ਕੰਮਕਾਜ ਅਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਪੰਜਾਬ ਬੰਦ ਦੇ ਮੱਦੇਨਜ਼ਰ ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਰੂਟ ਅਤੇ ਆਵਾਜਾਈ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਜਾ ਰਹੀ ਹੈ।
