ਨਿਊਜ਼ ਪੰਜਾਬ
21 ਅਗਸਤ,2026
ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਹਿੰਗਾਈ ਭੱਤੇ (DA) ਦੇ ਬਕਾਏ ਜਾਰੀ ਕਰਨ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਹੋਣ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਨੂੰ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਹਨ। ਦਰਅਸਲ, ਹਾਈ ਕੋਰਟ ਨੇ 3 ਅਗਸਤ ਨੂੰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਡੀਏ ਦੇ ਬਕਾਏ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪਟੀਸ਼ਨਰਾਂ ਦਾ ਦੋਸ਼ ਹੈ ਕਿ ਨਿਰਧਾਰਤ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ।
ਮਾਣਹਾਨੀ ਪਟੀਸ਼ਨ ਵਿੱਚ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਇੱਕ ਪੱਤਰ ਦਾ ਵੀ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਫੰਡ ਜਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪਟੀਸ਼ਨਰਾਂ ਨੇ ਇਸ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੱਸਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 27 ਅਕਤੂਬਰ ਦੀ ਤਾਰੀਖ ਤੈਅ ਕੀਤੀ ਹੈ।
