ਕੇਂਦਰ ਸਰਕਾਰ ਸਿੱਖਾਂ ਨੂੰ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ- ਪੰਥਕ ਆਗੂ

ਨਿਊਜ਼ ਪੰਜਾਬ

ਲੁਧਿਆਣਾ, 21 ਅਗਸਤ,2026

ਸਿੱਖਾਂ ਅਤੇ ਪੰਜਾਬੀਆਂ ਨੇ ਇਸ ਦੇਸ਼ ਦੀ ਅਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਅਜ਼ਾਦੀ ਹਾਸਲ ਕੀਤੀ ਸੀ। ਉਹਨਾਂ ਨੂੰ ਇਹ ਯਕੀਨ ਦਿਵਾਇਆ ਗਿਆ ਸੀ ਕਿ ਉਹ ਉੱਤਰੀ ਭਾਰਤ ਵਿੱਚ ਅਜ਼ਾਦੀ ਦਾ ਨਿੱਘ ਮਾਣ ਸਕਣਗੇ, ਪ੍ਰੰਤੂ ਦੇਸ਼ ਦੇ ਅਜ਼ਾਦ ਹੁੰਦਿਆ ਹੀ ਸਮੇਂ ਦੇ ਹੁਕਮਰਾਨਾਂ ਨੇ ਸਾਰੇ ਵਾਅਦੇ ਭੁਲਾ ਦਿੱਤੇ ਅਤੇ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਕੌਮ ਕਰਾਰ ਦੇ ਦਿੱਤਾ ਗਿਆ। ਇਥੋਂ ਹੀ ਸਿੱਖਾਂ ਨਾਲ ਧੋਖਿਆਂ ਦੀ ਲੜੀ ਦੀ ਸ਼ੁਰੂਆਤ ਹੋ ਗਈ ਸੀ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਘੁਮਾਰ ਮੰਡੀ ਮਾਰਕੀਟ ਵਿੱਚ ਅੱਜ ਪੰਜਾਬ ਬੰਦ ਦੇ ਸਮਰਥਨ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ, ਸਿੱਖ ਸਟੂਡੈਂਟਸ ਫੈਡਰੇਸ਼ਨ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਲਵਪ੍ਰੀਤ ਸਿੰਘ ਗਿੱਲ, ਸਿੱਖ ਚਿੰਤਕ ਅਤੇ ਸਮਾਜ ਸੇਵੀ ਭਾਈ ਬਲਬੀਰ ਸਿੰਘ ਖਾਲਸਾ ਅਤੇ ਜੱਥੇਦਾਰ ਹਰਮੇਲ ਸਿੰਘ ਨੇ ਆਪਣੇ-ਆਪਣੇ ਸੰਬੋਧਨ ਵਿੱਚ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਲੋਂ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਮਿਲਿਆ ਅਤੇ ਸੰਗਤਾਂ ਆਪ ਮੁਹਾਰੇ ਬੰਦ ਦੇ ਸਮਰਥਨ ਲਈ ਸੜਕਾਂ ਤੇ ਉੱਤਰ ਆਈਆਂ। ਉਹਨਾਂ ਕਿਹਾ ਕਿ ਸਮਾਜ ਦੇ ਸਾਰੇ ਇਨਸਾਫ਼ ਪਸੰਦ ਵਰਗਾਂ ਦੇ ਨੁਮਾਇੰਦਿਆਂ ਨੇ ਇਕਮੁੱਠ ਹੋ ਕੇ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ।

ਲੁਧਿਆਣਾ ਸ਼ਹਿਰ ਦੀ ਮੇਨ ਮਾਰਕੀਟ ਘੁਮਾਰ ਮੰਡੀ ਵਿਖੇ ਸਮੂਹ ਭਾਈਚਾਰੇ ਦੇ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਬੰਦ ਦਾ ਸਮਰਥਨ ਕੀਤਾ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਮਾਈ ਨੰਦ ਕੌਰ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਲ, ਰਜਿੰਦਰ ਸਿੰਘ ਗੁਜਰਾਲ, ਭਾਈ ਗੁਰਪ੍ਰੀਤ ਸਿੰਘ ਗੋਲਡੀ, ਭਾਈ ਹਰਜੋਤ ਸਿੰਘ ਦੁੱਗਰੀ, ਭਾਈ ਅਨੂਪ ਸਿੰਘ, ਸੁਰਿੰਦਰਪਾਲ ਸਿੰਘ ਗਿੱਲ, ਮਨਮੋਹਨ ਸਿੰਘ, ਕਿਰਪਾਲ ਸਿੰਘ ਸਪਰਾ, ਵਰਿੰਦਰ ਸਿੰਘ, ਪਰਮਜੀਤ ਸਿੰਘ ਗੋਲਡੀ, ਸਰਬਜੀਤ ਸਿੰਘ ਧਵਨ, ਅਸ਼ੋਕ ਕੌਸ਼ਲ, ਮਨਪ੍ਰੀਤ ਸਿੰਘ ਆਹਲੂਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। ਉਪਰੰਤ ਮੁੱਖ ਚੌਕ ਵਿਖੇ ਗੁਰਬਾਣੀ ਦਾ ਜਾਪ ਕਰਦੇ ਹੋਏ ਸੰਗਤਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ।