ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ

ਨਿਊਜ਼ ਪੰਜਾਬ

22 ਅਗਸਤ,2026

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਵਿੱਚ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗਾ। ਮਾਰਚ ਸਵੇਰੇ ਕਰੀਬ 8 ਵਜੇ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ ਜਾਵੇਗਾ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ, ਸ਼੍ਰੋਮਣੀ ਕਮੇਟੀ ਮੈਂਬਰ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਸ਼ਾਮਲ ਹੋਣਗੀਆਂ। ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ, ਪੰਥਕ ਏਕਤਾ ਅਤੇ ਸਿੱਖ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੇ ਗੁਰਮਤਿ ਵਿਰਸੇ ਨਾਲ ਜੋੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਬਣੇਗਾ।