ਨਿਊਜ਼ ਪੰਜਾਬ
24 ਅਗਸਤ,2026
ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿੱਚ ਸੋਮਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਅਮਰਾਵਤੀ ਦੇ ਸਰਕਾਰੀ ਮਹਿਲਾ ਹਸਪਤਾਲ ਦੇ ਨਵਜੰਮੇ ਬੱਚਿਆਂ ਦੇ ਵਾਰਡ (NICU) ਵਿੱਚ ਕਰੀਬ ਸਵੇਰੇ 3:30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 3 ਮਾਸੂਮ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਬੱਚੇ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ।
ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਤੀਜੀ ਮੰਜ਼ਿਲ ’ਤੇ ਸਥਿਤ NICU ਵਿੱਚ ਲੱਗੀ, ਜਿੱਥੇ 39 ਨਵਜੰਮੇ ਬੱਚੇ ਦਾਖਲ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਵੈਂਟੀਲੇਟਰ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਭੜਕ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਡਿਊਟੀ ’ਤੇ ਮੌਜੂਦ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਬੱਚਿਆਂ ਨੂੰ ਵੈਂਟੀਲੇਟਰਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ।
ਜ਼ਖਮੀ ਬੱਚਿਆਂ ਨੂੰ ਤੁਰੰਤ ਨੇੜਲੇ ਸਰਕਾਰੀ ਸੁਪਰ ਸਪੈਸ਼ਲਿਟੀ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਭਿਆਨਕ ਘਟਨਾ ਨੇ ਹਸਪਤਾਲ ਦੀ ਸੁਰੱਖਿਆ ਅਤੇ ਮੈਡੀਕਲ ਉਪਕਰਨਾਂ ਦੀ ਜਾਂਚ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
