ਨਿਊਜ਼ ਪੰਜਾਬ
24 ਅਗਸਤ 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਵਿਸ਼ੇਸ਼ ਅਰਦਾਸ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ SGPC ਦੇ ਪ੍ਰਬੰਧ ਅਧੀਨ ਆਉਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ। ਇਸ ਤੋਂ ਇਲਾਵਾ SGPC ਦੇ ਸਕੂਲਾਂ ਅਤੇ ਕਾਲਜਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ ਵਿੱਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ।
SGPC ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ 29 ਅਗਸਤ ਨੂੰ ਆਪਣੇ-ਆਪਣੇ ਪੱਧਰ ’ਤੇ ਅਰਦਾਸ ਸਮਾਗਮ ਕਰਵਾਉਣ ਦੀ ਅਪੀਲ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕੁਝ ਵਿਅਕਤੀਆਂ ਦੀ ਰਿਹਾਈ ਤੱਕ ਸੀਮਤ ਨਹੀਂ ਹੈ, ਸਗੋਂ ਇਹ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਨਾਲ ਜੁੜਿਆ ਗੰਭੀਰ ਮਾਮਲਾ ਹੈ। SGPC ਵੱਲੋਂ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਸਬੰਧੀ ਲੰਮੇ ਸਮੇਂ ਤੋਂ ਚੱਲ ਰਹੀ ਸਥਿਤੀ ਦਾ ਮਨੁੱਖੀ ਅਤੇ ਕਾਨੂੰਨੀ ਪੱਖੋਂ ਹੱਲ ਕੀਤਾ ਜਾਵੇ।
ਕਮੇਟੀ ਨੇ ਇਹ ਵੀ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਲੰਮੀ ਕੈਦ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਗੰਭੀਰ ਮਾਨਸਿਕ ਅਤੇ ਸਮਾਜਿਕ ਪੀੜਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। SGPC ਵੱਲੋਂ ਲੰਮੇ ਸਮੇਂ ਤੋਂ ਇਸ ਮਾਮਲੇ ਨੂੰ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਸਰਕਾਰਾਂ ਅੱਗੇ ਉਠਾਇਆ ਜਾ ਰਿਹਾ ਹੈ। ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਦੀ ਦੇਖਭਾਲ ਲਈ ਪੈਰੋਲ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲੇ ਨੂੰ ਵੀ ਕਮੇਟੀ ਵੱਲੋਂ ਗੰਭੀਰਤਾ ਨਾਲ ਉਠਾਇਆ ਗਿਆ ਹੈ। SGPC ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੜੀ ਛੱਡਦਿਆਂ ਮਨੁੱਖੀ ਸੰਵੇਦਨਾਵਾਂ ਅਤੇ ਕਾਨੂੰਨੀ ਪੱਖ ਨੂੰ ਧਿਆਨ ਵਿੱਚ ਰੱਖ ਕੇ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਢੁੱਕਵੇਂ ਕਦਮ ਚੁੱਕਣ।
