ਫਿਰੋਜ਼ਪੁਰ ’ਚ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, 44.5 ਕਿਲੋ ਹੈਰੋਇਨ ਤੇ 3 ਕਿਲੋ ਆਈਸ ਬਰਾਮਦ

ਨਿਊਜ਼ ਪੰਜਾਬ

26 ਅਗਸਤ,2026

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ BSF ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੂੰ ਮਿਲੇ ਇੱਕ ਖਾਸ ਇਨਪੁਟ ਦੇ ਆਧਾਰ ’ਤੇ ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਖੇਤਾਂ ਵਿੱਚ BSF ਦੇ ਸਹਿਯੋਗ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਇਸ ਦੌਰਾਨ ਤਲਾਸ਼ੀ ਲੈਣ ’ਤੇ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਆਈਸ ਡਰੱਗ ਬਰਾਮਦ ਹੋਈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵਿਖੇ NDPS ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਏਜੰਸੀਆਂ ਹੁਣ ਇਸ ਪੂਰੇ ਸਰਹੱਦ ਪਾਰ ਤਸਕਰੀ ਨੈੱਟਵਰਕ ਦੀਆਂ ਕੜੀਆਂ ਖੰਗਾਲ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਖੇਪ ਨੂੰ ਪੰਜਾਬ ਤੱਕ ਪਹੁੰਚਾਉਣ ਅਤੇ ਅੱਗੇ ਸਪਲਾਈ ਕਰਨ ਵਿੱਚ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ। ਪੁਲਿਸ ਵੱਲੋਂ ਸਰਹੱਦ ਪਾਰ ਬੈਠੇ ਹੈਂਡਲਰਾਂ ਅਤੇ ਉਨ੍ਹਾਂ ਦੇ ਸਥਾਨਕ ਸਾਥੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਇਲਾਕਿਆਂ ਵਿੱਚ ਸਖ਼ਤ ਨਿਗਰਾਨੀ ਰੱਖ ਰਹੀ ਹੈ ਅਤੇ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।