ਨਿਊਜ਼ ਪੰਜਾਬ
26 ਅਗਸਤ,2026
ਮੁਕਤਸਰ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਕਬਰਵਾਲਾ ਵਿੱਚ ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨੇ ਵੱਡੀ ਪਹਿਲ ਕੀਤੀ ਹੈ। ਪੰਚਾਇਤ ਵੱਲੋਂ ਸਖ਼ਤ ਮਤਾ ਪਾਸ ਕਰਦਿਆਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਵਿਅਕਤੀ ’ਤੇ 10 ਹਜ਼ਾਰ ਰੁਪਏ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸਿਆਸੀ ਮਤਭੇਦ ਭੁਲਾ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ।ਨਸ਼ਾ ਪੀੜਤਾਂ ਦੀ ਮਦਦ ਅਤੇ ਉਨ੍ਹਾਂ ਨੂੰ ਇਸ ਲਤ ਤੋਂ ਬਾਹਰ ਕੱਢਣ ਲਈ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ ਘਰ-ਘਰ ਜਾ ਕੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰੇਗੀ। ਪਿੰਡ ਦੇ ਗੁਰੂਘਰ ਤੋਂ ਐਲਾਨ ਕਰਕੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਸਾਬਕਾ ਸਰਪੰਚ ਸਵਰਨ ਸਿੰਘ ਬੱਲ ਨੇ ਦੱਸਿਆ ਕਿ ਕੁਝ ਕਥਿਤ ਨਸ਼ਾ ਪੀੜਤਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਨਸ਼ਾ ਛੱਡਣ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ। ਸਰਪੰਚ ਅਨੋਖ ਸਿੰਘ ਨੇ ਕਿਹਾ ਕਿ ਵੱਖ-ਵੱਖ ਸਿਆਸੀ ਵਿਚਾਰਧਾਰਾਵਾਂ ਨਾਲ ਜੁੜੇ ਪਿੰਡ ਵਾਸੀ ਨਸ਼ਿਆਂ ਦੇ ਖ਼ਤਰੇ ਨਾਲ ਲੜਨ ਲਈ ਇਕਜੁੱਟ ਹੋਏ ਹਨ। ਇਸੇ ਤਰ੍ਹਾਂ ਮਲੋਟ ਵਿਧਾਨ ਸਭਾ ਖੇਤਰ ਦੇ ਕਟੋਰੇਵਾਲਾ ਪਿੰਡ ਵਿੱਚ ਵੀ ਪਿਛਲੇ ਸਾਲ ਤੰਬਾਕੂ, ਸੰਬੰਧਿਤ ਉਤਪਾਦਾਂ, ਐਨਰਜੀ ਡਰਿੰਕਸ ਅਤੇ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ, ਜਿਸ ਨੂੰ ਪਿੰਡ ਵਾਸੀਆਂ ਨੇ ਸਫਲ ਦੱਸਿਆ ਹੈ।
