ਨਿਊਜ਼ ਪੰਜਾਬ
27 ਅਗਸਤ,2026
ਚੰਡੀਗੜ੍ਹ: ਹਾਈਕੋਰਟ ਵੱਲੋਂ 18 ਫੀਸਦੀ ਡੀਏ ਸਬੰਧੀ ਦਿੱਤੇ ਗਏ ਫੈਸਲੇ ਨੂੰ ਪੰਜਾਬ ਸਰਕਾਰ ਤੋਂ ਲਾਗੂ ਕਰਵਾਉਣ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਮੰਚ ਦੇ ਸੱਦੇ ’ਤੇ ਅੱਜ 27 ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਸਮੇਤ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਮਹਾਂ ਹੜਤਾਲ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ’ਤੇ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੁਪਹਿਰ 1 ਵਜੇ ਜਲੰਧਰ ਦੇ ਪੀਏਪੀ ਹੈੱਡਕੁਆਰਟਰ ਵਿੱਚ ਸਾਂਝੇ ਮੁਲਾਜ਼ਮ ਮੰਚ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਜਾਣੀ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਂਝੇ ਮੁਲਾਜ਼ਮ ਮੰਚ ਦੇ ਕੋਆਰਡੀਨੇਟਰ ਸੁਖਚੈਨ ਸਿੰਘ ਖਹਿਰਾ, ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਸਮੇਤ ਕਈ ਮੁਲਾਜ਼ਮ ਆਗੂ ਚੰਡੀਗੜ੍ਹ ਤੋਂ ਜਲੰਧਰ ਲਈ ਰਵਾਨਾ ਹੋ ਗਏ ਹਨ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਲ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਂਝੇ ਮੁਲਾਜ਼ਮ ਮੰਚ, ਪੁਰਾਣੀ ਪੈਨਸ਼ਨ ਬਹਾਲੀ ਲਈ ਬਣਾਈ ਗਈ ਐਸੋਸੀਏਸ਼ਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਕੁੱਲ 10 ਆਗੂ ਸ਼ਾਮਲ ਹੋਣਗੇ। ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ, ਵਿੱਤ ਸਕੱਤਰ, ਪਰਸੋਨਲ ਸਕੱਤਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਹੁਣ ਸਭ ਦੀਆਂ ਨਜ਼ਰਾਂ ਇਸ ਮੀਟਿੰਗ ਦੇ ਨਤੀਜੇ ’ਤੇ ਟਿਕੀਆਂ ਹਨ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਫੈਸਲਾ ਲੈਂਦੀ ਹੈ।
