ਨਿਊਜ਼ ਪੰਜਾਬ
27 ਅਗਸਤ,2026
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਨਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦਿਨ ਵੇਲੇ ਤਾਪਮਾਨ ਆਮ ਨਾਲੋਂ ਉੱਪਰ ਰਹਿਣ ਕਾਰਨ ਲੋਕਾਂ ਨੂੰ ਭਾਰੀ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਭਾਵੇਂ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ, ਪਰ ਇਹ ਆਮ ਨਾਲੋਂ ਕਰੀਬ 1.9 ਡਿਗਰੀ ਸੈਲਸੀਅਸ ਵੱਧ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ 38 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਿਸ ਕਾਰਨ ਇੱਥੇ ਗਰਮੀ ਦਾ ਪ੍ਰਭਾਵ ਹੋਰ ਜ਼ਿਆਦਾ ਮਹਿਸੂਸ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕੋਈ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਘੱਟ ਹੈ ਅਤੇ ਲੋਕਾਂ ਨੂੰ ਗਰਮੀ ਤੇ ਨਮੀ ਤੋਂ ਤੁਰੰਤ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਖਿੰਡੇ-ਪੁੰਡੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸਥਾਨਕ ਪੱਧਰ ’ਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਫਿਲਹਾਲ ਪੰਜਾਬ ਵਿੱਚ ਭਾਰੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਅਜਿਹੇ ਵਿੱਚ ਸੂਬੇ ਦੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਲਈ ਸਥਾਨਕ ਪੱਧਰ ’ਤੇ ਹੋਣ ਵਾਲੀ ਬਾਰਿਸ਼ ਦੀ ਉਡੀਕ ਕਰਨੀ ਪਵੇਗੀ।
