ਨਿਊਜ਼ ਪੰਜਾਬ
27 ਅਗਸਤ 2026
ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵੀਰਵਾਰ ਨੂੰ ਸਿਆਸੀ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਕਾਂਗਰਸੀ ਵਿਧਾਇਕ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵਿਧਾਇਕਾਂ ਦੇ ਹੱਥਾਂ ਵਿੱਚ ਪੇਪਰ ਲੀਕ ਅਤੇ ਰਾਮ ਮੰਦਰ ਦੇ ਦਾਨ ਨਾਲ ਜੁੜੇ ਮਾਮਲਿਆਂ ਸਬੰਧੀ ਨਾਅਰੇ ਲਿਖੀਆਂ ਤਖ਼ਤੀਆਂ ਸਨ। ਵਿਧਾਨ ਸਭਾ ਦੇ ਗੇਟ ਨੇੜੇ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਤਕਰਾਰ ਅਤੇ ਹੱਥੋਪਾਈ ਦੀ ਸਥਿਤੀ ਬਣ ਗਈ। ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਵੀ ਉਨ੍ਹਾਂ ਨਾਲ ਬਦਸਲੂਕੀ ਹੋਣ ਦੇ ਦੋਸ਼ ਲਗਾਏ। ਇਸ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਮਾਹੌਲ ਹੋਰ ਵੀ ਤਣਾਅਪੂਰਨ ਹੋ ਗਿਆ। ਸ਼ੋਕ ਪ੍ਰਸਤਾਵ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਹੋਈ ਘਟਨਾ ਦਾ ਮੁੱਦਾ ਚੁੱਕਿਆ ਅਤੇ ਸਰਕਾਰ ਤੋਂ ਜਵਾਬ ਮੰਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਵਾਬ ਤੋਂ ਬਾਅਦ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ। ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ ਅਤੇ ਹੰਗਾਮਾ ਕਰਨ ਕਾਰਨ ਸਪੀਕਰ ਨੇ ਪਹਿਲਾਂ ਸਦਨ ਦੀ ਕਾਰਵਾਈ ਮੁਲਤਵੀ ਕੀਤੀ। ਬਾਅਦ ਵਿੱਚ 8 ਕਾਂਗਰਸੀ ਵਿਧਾਇਕ ਸਦਨ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਲੱਗੇ, ਜਿਸ ਤੋਂ ਬਾਅਦ ਸਪੀਕਰ ਹਰਵਿੰਦਰ ਕਲਿਆਣ ਨੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ। ਇਸ ਦੌਰਾਨ ਰਤੀਆ ਦੇ ਵਿਧਾਇਕ ਜਰਨੈਲ ਸਿੰਘ ਅਤੇ ਬੜੌਦਾ ਦੇ ਵਿਧਾਇਕ ਇੰਦੁਰਾਜ ਨਰਵਾਲ ਵਿਚਾਲੇ ਹੱਥੋਪਾਈ ਦੀ ਗੱਲ ਵੀ ਸਾਹਮਣੇ ਆਈ। ਪੂਰੇ ਘਟਨਾਕ੍ਰਮ ਕਾਰਨ ਵਿਧਾਨ ਸਭਾ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ ਅਤੇ ਸਦਨ ਵਿੱਚ ਸਿਆਸੀ ਤਣਾਅ ਦਾ ਮਾਹੌਲ ਬਣਿਆ ਰਿਹਾ।
