ਰੱਖੜ ਪੁੰਨਿਆ ਮੇਲੇ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, 27-28 ਅਗਸਤ ਨੂੰ ਸ਼ਰਾਬ ਤੇ ਤੰਬਾਕੂ ’ਤੇ ਪਾਬੰਦੀ

ਨਿਊਜ਼ ਪੰਜਾਬ

27 ਅਗਸਤ,2026

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਧਾਰਮਿਕ ਮਾਹੌਲ ਨੂੰ ਬਣਾਈ ਰੱਖਣ ਲਈ ਸਖ਼ਤੀ ਵਧਾ ਦਿੱਤੀ ਹੈ। 28 ਅਗਸਤ ਨੂੰ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਦੇ ਚੱਲਦਿਆਂ 27 ਅਤੇ 28 ਅਗਸਤ ਨੂੰ ਸ਼ਹਿਰ ਦੀਆਂ ਹੱਦਾਂ ਅੰਦਰ ਸ਼ਰਾਬ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ, ਵਰਤੋਂ ਅਤੇ ਸੇਵਨ ’ਤੇ ਵਿਸ਼ੇਸ਼ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਪੱਲਵੀ ਮਿਸ਼ਰਾ ਦੇ ਹੁਕਮਾਂ ਅਨੁਸਾਰ ਇਨ੍ਹਾਂ ਦੋ ਦਿਨਾਂ ਦੌਰਾਨ ਸ਼ਰਾਬ ਦੀ ਵਿਕਰੀ ਅਤੇ ਸੇਵਨ ਪੂਰੀ ਤਰ੍ਹਾਂ ਬੰਦ ਰਹੇਗਾ।

ਇਸ ਤੋਂ ਇਲਾਵਾ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਰੱਖਣ, ਵਰਤਣ ਜਾਂ ਵੇਚਣ ’ਤੇ ਵੀ ਰੋਕ ਰਹੇਗੀ। ਇਹ ਹੁਕਮ ਸ਼ਰਾਬ ਦੇ ਠੇਕਿਆਂ ਤੱਕ ਹੀ ਸੀਮਤ ਨਹੀਂ ਹਨ, ਸਗੋਂ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਦੁਕਾਨਾਂ ਅਤੇ ਹੋਰ ਜਨਤਕ ਥਾਵਾਂ ’ਤੇ ਵੀ ਲਾਗੂ ਹੋਣਗੇ। ਪ੍ਰਸ਼ਾਸਨ ਵੱਲੋਂ ਸਬੰਧਤ ਅਦਾਰਿਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦਾ ਉਦੇਸ਼ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਹੈ।