ਨਿਊਜ਼ ਪੰਜਾਬ
30 ਅਗਸਤ,2026
ਪੰਜਾਬ ਵਾਸੀਆਂ ਨੂੰ ਅਜੇ ਵੀ ਗਰਮੀ ਅਤੇ ਨਮੀ ਤੋਂ ਖਾਸ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਵੱਲੋਂ ਅੱਜ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਵੀ ਘੱਟ ਹੈ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਹਿਣ ਕਾਰਨ ਲੋਕਾਂ ਨੂੰ ਤਿੱਖੀ ਗਰਮੀ ਦੇ ਨਾਲ-ਨਾਲ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਕੁਝ ਇਲਾਕਿਆਂ ਵਿੱਚ ਸਥਾਨਕ ਪੱਧਰ ’ਤੇ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। 30 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 31 ਅਗਸਤ ਤੋਂ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 1 ਸਤੰਬਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ ਹਨ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਬਾਰਿਸ਼ ਦੀ ਸੰਭਾਵਨਾ ਹੈ। ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿ ਸਕਦਾ ਹੈ। ਖਾਸ ਤੌਰ ’ਤੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ 1 ਸਤੰਬਰ ਨੂੰ ਮੀਂਹ ਦੀ ਸੰਭਾਵਨਾ ਘੱਟ ਦੱਸੀ ਗਈ ਹੈ।
