ਨਿਊਜ਼ ਪੰਜਾਬ
31 ਅਗਸਤ,2026
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਹਫ਼ਤੇ ਭਰ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। 31 ਅਗਸਤ ਤੋਂ ਹੋਣ ਵਾਲੇ ਇਸ ਧਰਨੇ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸੈਕਟਰ 48-49 ਵਿੱਚ ਧਰਨੇ ਕਾਰਨ ਕਈ ਰਸਤਿਆਂ ’ਤੇ ਆਵਾਜਾਈ ਸੀਮਤ ਰਹੇਗੀ ਅਤੇ ਵਾਹਨਾਂ ਨੂੰ ਵਿਕਲਪਕ ਰੂਟਾਂ ਵੱਲ ਮੋੜਿਆ ਜਾਵੇਗਾ।
ਇਸ ਦੇ ਨਾਲ ਹੀ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਲਈ ਪਾਰਕਿੰਗ, ਪਾਣੀ, ਪਖਾਨੇ, ਸੈਨੀਟੇਸ਼ਨ ਅਤੇ ਲੰਗਰ ਸਮੇਤ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਅਤੇ ਸਫ਼ਰ ਦੌਰਾਨ ਵਿਕਲਪਕ ਰੂਟ ਅਪਣਾਉਣ ਦੀ ਅਪੀਲ ਕੀਤੀ ਹੈ। SKM ਵੱਲੋਂ ਦਰਿਆਈ ਪਾਣੀਆਂ ਦੇ ਵਿਵਾਦ, ਕਿਸਾਨਾਂ ਦੀ ਕਰਜ਼ਾ ਮੁਆਫੀ, ਫਸਲਾਂ ਲਈ MSP, ਖੇਤੀਬਾੜੀ ਨਾਲ ਸਬੰਧਤ ਕਾਨੂੰਨਾਂ ਅਤੇ ਕਿਸਾਨਾਂ-ਮਜ਼ਦੂਰਾਂ ਲਈ ਸਮਾਜਿਕ ਸੁਰੱਖਿਆ ਭੱਤੇ ਸਮੇਤ ਕਈ ਅਹਿਮ ਮੰਗਾਂ ਨੂੰ ਲੈ ਕੇ ਇਹ ਅੰਦੋਲਨ ਕੀਤਾ ਜਾ ਰਿਹਾ ਹੈ।
