ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ 5 ਦਿਨਾਂ ਅੰਦਰ ਗ੍ਰਿਫ਼ਤਾਰੀ ਲਈ ਕਾਰਵਾਈ ਦੇ ਹੁਕਮ

ਨਿਊਜ਼ ਪੰਜਾਬ

31 ਅਗਸਤ,2026

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਤਰਨ ਤਾਰਨ ਨਾਲ ਸਬੰਧਿਤ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ ਸਬੰਧਿਤ ਅਧਿਕਾਰੀਆਂ ਨੂੰ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕਰਨ ਅਤੇ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਦੀ ਸਥਿਤੀ ਕਮਿਸ਼ਨ ਨੂੰ ਸੌਂਪਣ ਲਈ ਕਿਹਾ ਹੈ।

ਇਹ ਮਾਮਲਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਖ਼ਿਲਾਫ਼ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਦੇ ਦੋਸ਼ਾਂ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਸੁਣਵਾਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਵੱਲੋਂ ਕੀਤੀ ਗਈ, ਜਿਸ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਪੇਸ਼ ਹੋਏ। ਕਮਿਸ਼ਨ ਨੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਉਸ ਨੂੰ ਮਿਲ ਰਹੀਆਂ ਕਥਿਤ ਧਮਕੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਅਤੇ ਦਿੱਲੀ ਦੋਵਾਂ ਥਾਵਾਂ ’ਤੇ ਤੁਰੰਤ ਢੁਕਵੀਂ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਜਾਂਚ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਲਈ ਵੀ ਕਿਹਾ ਗਿਆ ਹੈ। ਕਮਿਸ਼ਨ ਨੇ ਜਾਂਚ ਜਾਂ ਗ੍ਰਿਫ਼ਤਾਰੀ ਵਿੱਚ ਹੋਈ ਦੇਰੀ ਲਈ ਸਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਵੀ ਕਹੀ ਹੈ। ਜੇਕਰ ਜਾਂਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਕਮਿਸ਼ਨ ਨੇ ਆਪਣੀਆਂ ਸਿਫ਼ਾਰਸ਼ਾਂ ’ਤੇ 30 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ ਵੀ ਮੰਗੀ ਹੈ।