ਨਿਊਜ਼ ਪੰਜਾਬ
1 ਸਤੰਬਰ 2026
ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਸੋਮਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ। ਇਸ ਦੌਰਾਨ ਸ਼ਿਕਾਇਤਕਰਤਾ ਬਜ਼ੁਰਗ ਮਹਿਲਾ ਮਹਿੰਦਰ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੀ ਗਵਾਹੀ ਦਰਜ ਕੀਤੀ ਗਈ। ਕੰਗਨਾ ਦੇ ਵਕੀਲ ਵੀ ਅਦਾਲਤ ਵਿੱਚ ਮੌਜੂਦ ਰਹੇ, ਜਦਕਿ ਕੰਗਨਾ ਨੇ ਖੁਦ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਵਿੱਚ ਹਿੱਸਾ ਲਿਆ।
ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਮੁਤਾਬਕ ਸੁਣਵਾਈ ਦੌਰਾਨ ਕੇਸ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਲੰਮੀ ਬਹਿਸ ਹੋਈ। ਕੰਗਨਾ ਦੇ ਵਕੀਲ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਮਹਿੰਦਰ ਕੌਰ ਨੇ ਪੰਜਾਬ ਵਿੱਚ ਸਤਿਕਾਰ ਹਾਸਲ ਕੀਤਾ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਫੰਡਿੰਗ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਕੰਗਨਾ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਵੀ ਦੋਵੇਂ ਧਿਰਾਂ ਨੇ ਆਪਣਾ-ਆਪਣਾ ਪੱਖ ਅਦਾਲਤ ਸਾਹਮਣੇ ਰੱਖਿਆ।
ਸ਼ਿਕਾਇਤਕਰਤਾ ਦੇ ਵਕੀਲ ਅਨੁਸਾਰ ਕੰਗਨਾ ਦੇ ਵਕੀਲ ਨੇ ਇਹ ਦਲੀਲ ਵੀ ਦਿੱਤੀ ਕਿ ਜਿਸ ਟਵੀਟ ਨੂੰ ਲੈ ਕੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ, ਉਹ ਮਹਿੰਦਰ ਕੌਰ ਬਾਰੇ ਨਹੀਂ, ਸਗੋਂ ਬਿਲਕੀਸ ਬਾਨੋ ਨਾਲ ਸਬੰਧਤ ਸੀ। ਇਸ ਦੇ ਜਵਾਬ ਵਿੱਚ ਸ਼ਿਕਾਇਤਕਰਤਾ ਪੱਖ ਵੱਲੋਂ ਵੀ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਮਹਿੰਦਰ ਕੌਰ ਬਾਰੇ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਨਾਲ ਸਬੰਧਤ ਹੈ। ਮਹਿੰਦਰ ਕੌਰ ਦੇ ਪਰਿਵਾਰ ਦਾ ਦੋਸ਼ ਹੈ ਕਿ ਇਸ ਪੋਸਟ ਕਾਰਨ ਉਨ੍ਹਾਂ ਦੀ ਸਮਾਜਿਕ ਸਾਖ ਨੂੰ ਨੁਕਸਾਨ ਪਹੁੰਚਿਆ ਅਤੇ ਉਨ੍ਹਾਂ ਦੀ ਬਦਨਾਮੀ ਹੋਈ।
ਅਦਾਲਤ ਵਿੱਚ ਅੱਜ ਦੀ ਕਾਰਵਾਈ ਦੌਰਾਨ ਗਵਾਹੀ ਅਤੇ ਦੋਵੇਂ ਧਿਰਾਂ ਦੀਆਂ ਦਲੀਲਾਂ ਦਰਜ ਕੀਤੀਆਂ ਗਈਆਂ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਸਤੰਬਰ 2026 ਦੀ ਤਾਰੀਖ ਨਿਰਧਾਰਤ ਕੀਤੀ ਹੈ। ਅਗਲੀ ਸੁਣਵਾਈ ਦੌਰਾਨ ਵੀ ਕੇਸ ਨਾਲ ਸਬੰਧਤ ਗਵਾਹੀਆਂ ਅਤੇ ਕਾਨੂੰਨੀ ਦਲੀਲਾਂ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ।
