ਨਿਊਜ਼ ਪੰਜਾਬ
3 ਸਤੰਬਰ,2026
ਪੰਜਾਬ ਵਿੱਚ ਪ੍ਰਾਈਵੇਟ ਸਕੂਲ ਬੱਸ ਅਤੇ ਵੈਨ ਮਾਲਕਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਅੱਜ ਸੂਬੇ ਭਰ ਵਿੱਚ ਸਮੂਹ ਸਕੂਲ ਬੱਸਾਂ ਅਤੇ ਵੈਨਾਂ ਬੰਦ ਰੱਖੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਸਰਕਾਰ ’ਤੇ ਦਬਾਅ ਬਣਾਉਣ ਲਈ ਬਠਿੰਡਾ ਦੀ ਅਨਾਜ ਮੰਡੀ ਵਿੱਚ ਮਹਾਂਪੰਚਾਇਤ ਰੈਲੀ ਵੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸ ਮਾਲਕ, ਡਰਾਈਵਰ ਅਤੇ ਕੰਡਕਟਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਸਾਹਮਣੇ ਰੱਖ ਰਹੇ ਹਨ, ਪਰ ਉਨ੍ਹਾਂ ਨੂੰ ਬਣਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਆਗੂਆਂ ਮੁਤਾਬਕ ਸਕੂਲ ਬੱਸਾਂ ਆਮ ਵਪਾਰਕ ਬੱਸਾਂ ਨਾਲੋਂ ਵੱਖਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਲਈ ਵੱਖਰੀ ਟਰਾਂਸਪੋਰਟ ਪਾਲਿਸੀ ਬਣਾਈ ਜਾਣੀ ਚਾਹੀਦੀ ਹੈ। ਯੂਨੀਅਨ ਵੱਲੋਂ ਟਰਾਂਸਪੋਰਟ ਪਾਲਿਸੀ ਵਿੱਚ ਬਦਲਾਅ, ਆਰਟੀਓ ਰਾਹੀਂ ਕਥਿਤ ਪਰੇਸ਼ਾਨੀ ਬੰਦ ਕਰਨ, ਭਾਰੀ ਟੈਕਸਾਂ ਵਿੱਚ ਕਟੌਤੀ ਅਤੇ ਟੈਕਸ ਛੂਟ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ ਅਤੇ ਵੈਨਾਂ ਦੀ ਮੌਜੂਦਾ 15 ਸਾਲ ਦੀ ਵਾਹਨ ਉਮਰ ਸੀਮਾ ਵਧਾ ਕੇ 25 ਸਾਲ ਕਰਨ ਦੀ ਮੰਗ ਵੀ ਰੱਖੀ ਗਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਕੇ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਇਆ ਜਾ ਸਕਦਾ ਹੈ।
