ਪੰਜਾਬ ਕੈਬਨਿਟ ਦੀ 5 ਸਤੰਬਰ ਨੂੰ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

ਨਿਊਜ਼ ਪੰਜਾਬ

3 ਸਤੰਬਰ,2026

ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਬੁਲਾਈ ਗਈ ਹੈ। ਇਹ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿੱਤ ਨਾਲ ਜੁੜੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਚੋਣ ਮੋਡ ਵਿੱਚ ਹੋਣ ਦੀ ਵੀ ਚਰਚਾ ਹੈ।

ਪਿਛਲੀਆਂ ਕੈਬਨਿਟ ਮੀਟਿੰਗਾਂ ਵਿੱਚ ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨਾਲ ਸਬੰਧਤ ਫੈਸਲਿਆਂ, ਨਵੀਆਂ ਭਰਤੀਆਂ, ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ, ਡਿਜੀਟਲ ਓਪਨ ਯੂਨੀਵਰਸਿਟੀਆਂ ਖੋਲ੍ਹਣ, ਪੰਜਾਬ ਜੀਐਸਟੀ ਐਕਟ ਵਿੱਚ ਸੋਧ ਅਤੇ ਪੰਚਾਇਤ ਵਿਭਾਗ ਵਿੱਚ ਨਵੇਂ ਕੈਡਰ ਸਮੇਤ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਹੁਣ 5 ਸਤੰਬਰ ਦੀ ਬੈਠਕ ਵਿੱਚ ਸਰਕਾਰ ਵੱਲੋਂ ਕਿਹੜੇ ਨਵੇਂ ਫੈਸਲੇ ਲਏ ਜਾਂਦੇ ਹਨ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।