ਨਿਊਜ਼ ਪੰਜਾਬ
4 ਸਤੰਬਰ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਥਿਤ ਦੋਸ਼ਾਂ ਅਤੇ ਬਿਆਨਾਂ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਨੋਟਿਸ ਰਾਹੀਂ ਦੋਵਾਂ ਆਗੂਆਂ ਤੋਂ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਅਤੇ ਆਪਣੇ ਬਿਆਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਸਾਰਾ ਵਿਵਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਲਗਾਏ ਗਏ ਕਥਿਤ ਦੋਸ਼ਾਂ ਤੋਂ ਬਾਅਦ ਹੋਰ ਭਖਿਆ ਹੈ। ਮਾਮਲੇ ਵਿੱਚ ਇੱਕ ਕੇਸ ਨੂੰ ਦਬਾਉਣ ਅਤੇ ਪੈਸਿਆਂ ਦੀ ਕਥਿਤ ਮੰਗ ਨਾਲ ਜੁੜੇ ਦਾਅਵੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਲੈ ਕੇ ਸਿਆਸੀ ਪੱਧਰ ’ਤੇ ਵੀ ਤਿੱਖੀ ਬਿਆਨਬਾਜ਼ੀ ਹੋ ਰਹੀ ਹੈ। ਹੁਣ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜੇ ਜਾਣ ਤੋਂ ਬਾਅਦ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ ਅਤੇ ਅਗਲੇ 24 ਘੰਟਿਆਂ ਵਿੱਚ ਦੋਵਾਂ ਆਗੂਆਂ ਦੇ ਜਵਾਬ ’ਤੇ ਸਭ ਦੀ ਨਜ਼ਰ ਰਹੇਗੀ।
