ਨਿਊਜ਼ ਪੰਜਾਬ
4 ਸਤੰਬਰ,2026
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਹੁਣ ਪੰਜਾਬ ਸਰਕਾਰ ਦੇ ਮੌਜੂਦਾ 42 ਫੀਸਦੀ DA ਦੀ ਬਜਾਏ ਕੇਂਦਰ ਸਰਕਾਰ ਦੀ ਦਰ ਦੇ ਬਰਾਬਰ 60 ਫੀਸਦੀ DA ਦੇਣ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਰੀਬ 85 ਹਜ਼ਾਰ ਕਰਮਚਾਰੀਆਂ ਨੂੰ ਸਿੱਧਾ ਵਿੱਤੀ ਲਾਭ ਮਿਲ ਸਕਦਾ ਹੈ। ਸਰਕਾਰ ਦਾ ਇਹ ਕਦਮ 2020 ਤੋਂ ਬਾਅਦ ਨਵੇਂ ਭਰਤੀ ਹੋਏ ਕਰਮਚਾਰੀਆਂ ਲਈ ਖਾਸ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਕੇਂਦਰੀ ਤਨਖਾਹ ਸਕੇਲ ’ਤੇ ਕੰਮ ਕਰ ਰਹੇ ਹਨ। ਮੰਤਰੀ ਮੁਤਾਬਕ ਕੈਬਨਿਟ ਕਮੇਟੀ ਵੱਲੋਂ ਪ੍ਰਸਤਾਵ ਮੁੱਖ ਮੰਤਰੀ ਕੋਲ ਭੇਜਿਆ ਜਾਵੇਗਾ ਅਤੇ ਅੰਤਿਮ ਫੈਸਲਾ ਮੁੱਖ ਮੰਤਰੀ ਵੱਲੋਂ ਲਿਆ ਜਾਵੇਗਾ।
