ਨਿਊਜ਼ ਪੰਜਾਬ
5 ਸਤੰਬਰ,2026
ਛੱਤੀਸਗੜ੍ਹ ਵਿੱਚ ਆਮ ਆਦਮੀ ਪਾਰਟੀ (AAP) ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਉੱਤਮ ਜੈਸਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਹਨ। ਜੈਸਵਾਲ ਨੇ ਦੋਸ਼ ਲਗਾਇਆ ਕਿ ਦਿੱਲੀ ਤੋਂ ਆਉਣ ਵਾਲੇ ਕੁਝ ਆਗੂ ਰਾਜ ਸੰਗਠਨ ਅਤੇ ਜ਼ਮੀਨੀ ਵਰਕਰਾਂ ਦੀ ਰਾਏ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਮਨਮਰਜ਼ੀ ਨਾਲ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉੱਚ ਅਹੁਦਿਆਂ ‘ਤੇ ਬੈਠੇ ਆਗੂ ਨਹੀਂ, ਸਗੋਂ ਉਹ ਵਰਕਰ ਹਨ ਜੋ ਸਾਲਾਂ ਤੋਂ ਜ਼ਮੀਨੀ ਪੱਧਰ ‘ਤੇ ਪਾਰਟੀ ਲਈ ਸੰਘਰਸ਼ ਕਰ ਰਹੇ ਹਨ। ਜੈਸਵਾਲ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਲਈ ਕੰਮ ਕਰਦਿਆਂ ਅੱਠ ਵਾਰ ਜੇਲ੍ਹ ਜਾਣਾ ਪਿਆ। ਉਨ੍ਹਾਂ ਮੁਤਾਬਕ ਰਾਜ ਸੰਗਠਨ ਨੂੰ ਮਹੱਤਵਪੂਰਨ ਫੈਸਲਿਆਂ ਵਿੱਚ ਭਰੋਸੇ ਵਿੱਚ ਨਾ ਲੈਣ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਅਤੇ ਅਸੰਤੁਸ਼ਟੀ ਵਧ ਰਹੀ ਹੈ। ਉਨ੍ਹਾਂ ਦੇ ਅਸਤੀਫ਼ੇ ਨਾਲ ਛੱਤੀਸਗੜ੍ਹ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ AAP ਲਈ ਇਹ ਘਟਨਾ ਸੰਗਠਨਾਤਮਕ ਤੌਰ ‘ਤੇ ਵੱਡੀ ਚੁਣੌਤੀ ਮੰਨੀ ਜਾ ਰਹੀ ਹੈ।
