ਨਿਊਜ਼ ਪੰਜਾਬ
5 ਸਤੰਬਰ,2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਸ਼ਾਸਨਿਕ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਗਰੁੱਪ-ਏ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਸਿਰਜਣ ਅਤੇ ਖਾਲੀ ਅਹੁਦੇ ਭਰਨ ਦੀ ਪ੍ਰਵਾਨਗੀ ਦਿੱਤੀ। ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਵਿੱਚ 33, ਮਲੇਰਕੋਟਲਾ ਜ਼ਿਲ੍ਹੇ ਵਿੱਚ 19 ਅਤੇ ਧੂਰੀ ਦੇ ਸਬ-ਡਿਵੀਜ਼ਨਲ ਹਸਪਤਾਲ ਸਮੇਤ ਨਵੇਂ ਐੱਮਸੀਐੱਚ ਸੈਂਟਰ ਲਈ 119 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ।
ਇਸ ਤੋਂ ਇਲਾਵਾ ਡਾਕਟਰਾਂ ਅਤੇ ਡੈਂਟਲ ਅਫ਼ਸਰਾਂ ਦੀਆਂ 80 ਖਾਲੀ ਅਸਾਮੀਆਂ ਭਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ। ਖਰੀਫ਼ ਮਾਰਕੀਟਿੰਗ ਸੀਜ਼ਨ 2026-27 ਲਈ ਝੋਨੇ ਦੀ ਖਰੀਦ, ਚੁਕਾਈ ਅਤੇ ਢੋਆ-ਢੁਆਈ ਨੂੰ ਸੁਚਾਰੂ ਬਣਾਉਣ ਵਾਸਤੇ ਕਸਟਮ ਮਿਲਿੰਗ, ਫੂਡਗ੍ਰੇਨ ਟਰਾਂਸਪੋਰਟੇਸ਼ਨ ਅਤੇ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀਆਂ ਨੂੰ ਵੀ ਹਰੀ ਝੰਡੀ ਦਿੱਤੀ ਗਈ। ਸਰਕਾਰ ਮੁਤਾਬਕ ਇਨ੍ਹਾਂ ਫੈਸਲਿਆਂ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਸੁਧਾਰ, ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ।
