ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ

ਨਿਊਜ਼ ਪੰਜਾਬ

7 ਸਤੰਬਰ,2026

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ, 7 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕੀ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਨ੍ਹਾਂ ਨੇ ਜਸਟਿਸ ਸ਼ੀਲ ਨਾਗੂ ਦੀ ਥਾਂ ਲਈ ਹੈ।

ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਵਿਚਾਲੇ ਤਕਰਾਰ ਵੀ ਦੇਖਣ ਨੂੰ ਮਿਲੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦਾਅਵਾ ਕੀਤਾ ਕਿ ਨਿਯੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਸਹਿਮਤੀ ਨਹੀਂ ਲਈ ਗਈ। ਇਸ ਦੇ ਵਿਰੋਧ ਵਿੱਚ ਪੰਜਾਬ ਕੈਬਨਿਟ ਨੇ ਐਤਵਾਰ ਨੂੰ ਐਮਰਜੈਂਸੀ ਮੀਟਿੰਗ ਕਰਕੇ ਮਤਾ ਪਾਸ ਕੀਤਾ ਸੀ ਅਤੇ ਸਹੁੰ ਚੁੱਕ ਸਮਾਗਮ ਰੋਕਣ ਦੀ ਮੰਗ ਕੀਤੀ ਸੀ।

ਇਸੇ ਵਿਰੋਧ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਇਆ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਸਮੇਤ ਕਈ ਪਤਵੰਤੇ ਸਮਾਗਮ ਵਿੱਚ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਮਾਮਲੇ ਸਬੰਧੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਸੀ।