ਲੁਧਿਆਣਾ ‘ਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਤੋਂ ਭੜਕਿਆ ਰੋਸ, SC ਭਾਈਚਾਰੇ ਵੱਲੋਂ ਅੱਜ ‘ਲੁਧਿਆਣਾ ਬੰਦ’ ਦਾ ਸੱਦਾ

ਨਿਊਜ਼ ਪੰਜਾਬ

9 ਸਤੰਬਰ,2026

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਿਸੇ ਸ਼ਰਾਰਤੀ ਅਨਸਰ ਵੱਲੋਂ ਛੇੜਛਾੜ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਦੇ ਵਿਰੋਧ ਵਿੱਚ SC ਭਾਈਚਾਰੇ ਵੱਲੋਂ ਬੁੱਧਵਾਰ, 9 ਸਤੰਬਰ ਨੂੰ ਲੁਧਿਆਣਾ ਬੰਦ ਦੀ ਕਾਲ ਦਿੱਤੀ ਗਈ ਹੈ, ਜੋ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੈਂਕੜੇ ਲੋਕਾਂ ਨੇ ਜਲੰਧਰ ਬਾਈਪਾਸ ਚੌਕ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਚੌਕ ਨੂੰ ਚਾਰੋਂ ਪਾਸਿਓਂ ਜਾਮ ਕਰ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਸੜਕਾਂ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ‘ਤੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਤਣਾਅਪੂਰਨ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਡੀਸੀਪੀ ਆਲਮ ਵਿਜੇ ਸਿੰਘ, ਏਸੀਪੀ ਨਾਰਥ ਕਿੱਕਰ ਸਿੰਘ ਭੁੱਲਰ ਅਤੇ ਹੋਰ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫ਼ੋਰਸ ਸਮੇਤ ਮੌਕੇ ‘ਤੇ ਤਾਇਨਾਤ ਰਹੇ।