ਨਿਊਜ਼ ਪੰਜਾਬ
9 ਸਤੰਬਰ,2026
ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਅਤੇ ਬੰਦ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਵਿੱਚ ਵੀ ‘ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ’ ਅਤੇ ਭੀਮ ਕ੍ਰਾਂਤੀ ਸੈਨਾ ਵੱਲੋਂ ਕੱਲ੍ਹ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਆਮ ਲੋਕਾਂ ਦੀ ਸਹੂਲਤ ਅਤੇ ਐਮਰਜੈਂਸੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ, ਕਾਲਜਾਂ ਅਤੇ ਮੈਡੀਕਲ ਸਟੋਰਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ।
ਜਥੇਬੰਦੀਆਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਹੋਈ, ਸਗੋਂ ਇਸੇ ਥਾਂ ’ਤੇ ਕਰੀਬ 10ਵੀਂ ਵਾਰ ਛੇੜਛਾੜ ਹੋ ਚੁੱਕੀ ਹੈ। ਆਗੂਆਂ ਨੇ ਪ੍ਰਸ਼ਾਸਨ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਉਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
