ਨਿਊਜ਼ ਪੰਜਾਬ
10 ਸਤੰਬਰ,2026
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ 10 ਮੈਂਬਰੀ ਰਾਜਨੀਤਕ ਮਾਮਲਿਆਂ ਦੀ ਕਮੇਟੀ (PAC) ਵਿੱਚ ਪੱਕੀ ਜਗ੍ਹਾ ਦਿੱਤੀ ਹੈ, ਜਦਕਿ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸਤਿਯੇਂਦਰ ਜੈਨ ਨੂੰ ਵੀ PAC ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਦੇ ਨਾਲ ਹੀ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਬਲਜਿੰਦਰ ਕੌਰ ਨੂੰ 23 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਰਾਜਬੀਰ ਘੁੰਮਣ ਅਤੇ ਵਿਭਵ ਕੁਮਾਰ ਨੂੰ ਰਾਸ਼ਟਰੀ ਕਾਰਜਕਾਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਇਸ ਫੇਰਬਦਲ ਨੂੰ ਆਗਾਮੀ ਪੰਜਾਬ ਚੋਣਾਂ ਦੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਲੀਡਰਸ਼ਿਪ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਤੇ ਕੇਂਦਰੀ ਸੰਗਠਨ ਵਿਚਕਾਰ ਤਾਲਮੇਲ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 2022 ਵਿੱਚ 117 ਵਿੱਚੋਂ 92 ਸੀਟਾਂ ਜਿੱਤਣ ਵਾਲੀ ‘ਆਪ’ ਲਈ ਹੁਣ ਸੱਤਾ ਬਰਕਰਾਰ ਰੱਖਣਾ ਵੱਡੀ ਚੁਣੌਤੀ ਹੈ ਅਤੇ ਪਾਰਟੀ ਬੇਰੁਜ਼ਗਾਰੀ, ਨਸ਼ਿਆਂ, ਵਿੱਤੀ ਹਾਲਾਤ ਅਤੇ ਸ਼ਾਸਨ ਵਰਗੇ ਮੁੱਦਿਆਂ ’ਤੇ ਵਿਰੋਧੀ ਧਿਰ ਦੇ ਹਮਲਿਆਂ ਦਾ ਸਾਹਮਣਾ ਕਰਨ ਲਈ ਆਪਣੀ ਚੋਣੀ ਰਣਨੀਤੀ ਤਿਆਰ ਕਰ ਰਹੀ ਹੈ।
