ਅੰਮ੍ਰਿਤਸਰ ’ਚ ASI ’ਤੇ ਚੱਲੀ ਗੋਲੀ, ਸਿਰ ’ਚ ਲੱਗੀ ਗੋਲੀ ਦੇ ਬਾਵਜੂਦ ਬਾਈਕ ’ਤੇ ਖੁਦ ਥਾਣੇ ਪਹੁੰਚਿਆ ਜ਼ਖਮੀ ਅਧਿਕਾਰੀ

ਨਿਊਜ਼ ਪੰਜਾਬ

12 ਸਤੰਬਰ 2026

ਅੰਮ੍ਰਿਤਸਰ ਵਿੱਚ ਪੁਲਿਸ ਦੇ ਇੱਕ ASI ’ਤੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ASI ਜਸਵੰਤ ਸਿੰਘ ਡਿਊਟੀ ਪੂਰੀ ਕਰਨ ਤੋਂ ਬਾਅਦ ਆਪਣੀ ਮੋਟਰਸਾਈਕਲ ’ਤੇ ਅਜਨਾਲਾ ਵੱਲ ਜਾ ਰਹੇ ਸਨ। ਜਦੋਂ ਉਹ ਭੱਲਾ ਪਿੰਡ ਨੇੜੇ ਪਹੁੰਚੇ ਤਾਂ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਉਨ੍ਹਾਂ ਦੇ ਸਿਰ ਵਿੱਚ ਜਾ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨੀ ਗੰਭੀਰ ਸੱਟ ਲੱਗਣ ਦੇ ਬਾਵਜੂਦ ASI ਜਸਵੰਤ ਸਿੰਘ ਨੇ ਹਿੰਮਤ ਨਹੀਂ ਹਾਰੀ ਅਤੇ ਖੁਦ ਬਾਈਕ ਚਲਾ ਕੇ ਅਜਨਾਲਾ ਪੁਲਿਸ ਥਾਣੇ ਪਹੁੰਚ ਗਏ। ਉਨ੍ਹਾਂ ਨੇ ਥਾਣੇ ਵਿੱਚ ਪੁਲਿਸ ਅਧਿਕਾਰੀਆਂ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਮੁਤਾਬਕ ASI ਦੀ ਹਾਲਤ ਇਸ ਸਮੇਂ ਖ਼ਤਰੇ ਤੋਂ ਬਾਹਰ ਹੈ, ਹਾਲਾਂਕਿ ਸਿਰ ਵਿੱਚ ਗੰਭੀਰ ਸੱਟ ਹੋਣ ਕਾਰਨ ਉਨ੍ਹਾਂ ਦਾ ਇਲਾਜ ਜਾਰੀ ਹੈ। ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਤੇ ਵਾਰਦਾਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।