ਪੰਜਾਬ ’ਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦਾ ਖਦਸ਼ਾ, ਮੰਗ ਨੇ ਤੋੜੇ ਰਿਕਾਰਡ; 17,423 ਮੈਗਾਵਾਟ ’ਤੇ ਪਹੁੰਚੀ

ਨਿਊਜ਼ ਪੰਜਾਬ

15 ਸਤੰਬਰ,2026

ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਇੱਕ ਹੋਰ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਬਿਜਲੀ ਦੀ ਮੰਗ ਵਧ ਕੇ 17,423 ਮੈਗਾਵਾਟ ਤੱਕ ਪਹੁੰਚ ਗਈ ਹੈ, ਜਿਸ ਨੇ ਪਿਛਲੇ ਰਿਕਾਰਡ ਵੀ ਤੋੜ ਦਿੱਤੇ ਹਨ। ਮੰਗ ਵਿੱਚ ਲਗਾਤਾਰ ਵਾਧੇ ਕਾਰਨ ਬਿਜਲੀ ਸੰਕਟ ਹੋਰ ਡੂੰਘਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪਹਿਲਾਂ ਹੀ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਇੰਡਸਟਰੀ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਕੜਿਆਂ ਮੁਤਾਬਕ ਅਪ੍ਰੈਲ 2026 ਵਿੱਚ ਪੰਜਾਬ ਦੀ ਵੱਧ ਤੋਂ ਵੱਧ ਬਿਜਲੀ ਮੰਗ 12,025 ਮੈਗਾਵਾਟ ਸੀ, ਜੋ ਜੁਲਾਈ ਵਿੱਚ ਵਧ ਕੇ 17,277 ਮੈਗਾਵਾਟ ਹੋ ਗਈ। ਸਤੰਬਰ ਵਿੱਚ ਵੀ ਮੰਗ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵਧੀ ਹੈ। 13 ਸਤੰਬਰ ਤੱਕ ਵੱਧ ਤੋਂ ਵੱਧ ਮੰਗ 16,598 ਮੈਗਾਵਾਟ ਰਹੀ, ਜਦਕਿ ਪਿਛਲੇ ਸਾਲ ਇਹ 13,127 ਮੈਗਾਵਾਟ ਸੀ। ਇਸ ਦੌਰਾਨ ਕਿਸਾਨਾਂ ਅਤੇ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਨੇ PSPCL ਦੇ CMD ਬਸੰਤ ਗਰਗ ਦਾ ਤਬਾਦਲਾ ਕਰਕੇ IAS ਗੁਰਕਿਰਤ ਕਿਰਪਾਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਹਾਲਾਂਕਿ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਕੋਈ ਕੱਟ ਨਹੀਂ ਲਗਾਇਆ ਜਾ ਰਿਹਾ ਅਤੇ 24×7 ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ।